ਪੰਜਾਬ ਸਰਕਾਰ ਨੇ ਰਾਜ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ (Holy City) ਦਾ ਦਰਜਾ ਦੇਣ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 21 ਦਸੰਬਰ ਨੂੰ ਸੋਸ਼ਲ ਮੀਡੀਆ ਚੈਨਲਾਂ ‘ਤੇ ਲਾਈਵ ਹੋ ਕੇ ਦਿੱਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫ਼ੈਸਲੇ ਦਾ ਐਲਾਨ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਫ਼ੈਸਲਾ ਲੈਣ ਦੀ ਤਾਕਤ ਦਿੱਤੀ।
ਸੀਐੱਮ ਮਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸੰਬੰਧਿਤ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਸਥਿਤ ਹਨ। ਇਨ੍ਹਾਂ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਸ਼ਾਮਿਲ ਹਨ। ਹੁਣ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਅਧਿਕਾਰਿਕ ਤੌਰ ‘ਤੇ ਆਸਥਾ ਦੇ ਕੇਂਦਰ ਅਤੇ ਪਵਿੱਤਰ ਸ਼ਹਿਰ ਦਾ ਦਰਜਾ ਦੇ ਦਿੱਤਾ ਗਿਆ ਹੈ।
ਤਿੰਨਾਂ ਸ਼ਹਿਰਾਂ ਵਿੱਚ ਚੱਲਣਗੀਆਂ ਸ਼ਟਲ ਬੱਸਾਂ
ਸੀਐੱਮ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਸ਼ਰਧਾਲੂਆਂ ਲਈ ਈ-ਰਿਕਸ਼ਾ, ਮਿੰਨੀ ਬੱਸਾਂ, ਸ਼ਟਲ ਬੱਸਾਂ ਅਤੇ ਆਵਾਜਾਈ ਦੇ ਹੋਰ ਸਰਕਾਰੀ ਇੰਤਜ਼ਾਮ ਸਰਕਾਰ ਵੱਲੋਂ ਕੀਤੇ ਜਾਣਗੇ, ਤਾਂ ਜੋ ਉੱਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਇਨ੍ਹਾਂ ਸ਼ਹਿਰਾਂ ਵਿੱਚ ਮੀਟ, ਸ਼ਰਾਬ, ਤਮਾਕੂ ਅਤੇ ਨਸ਼ੀਲੀਆਂ ਵਸਤੂਆਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਸ਼ਹਿਰਾਂ ਦੇ ਵਿਕਾਸ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਮੀ
ਸੀਐੱਮ ਨੇ ਕਿਹਾ, “ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਤਿੰਨੇ ਸ਼ਹਿਰ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਸਾਡੇ ਸਭਿਆਚਾਰਕ ਵਿਰਸੇ ਦੇ ਵੀ ਬਹੁਤ ਵੱਡੇ ਕੇਂਦਰ ਹਨ।” ਉਨ੍ਹਾਂ ਨੇ ਸਾਰੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਵਿੱਤਰ ਸ਼ਹਿਰਾਂ ਨਾਲ ਜੁੜਿਆ ਇਹ ਫ਼ੈਸਲਾ ਕਾਫ਼ੀ ਪਹਿਲਾਂ ਹੀ ਲਾਗੂ ਹੋ ਜਾਣਾ ਚਾਹੀਦਾ ਸੀ''।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।