Amritsar News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਖੇਤਰ ਵਿੱਚ 25 ਮਈ ਨੂੰ ਇੱਕ ਸਨਸਨੀਖੇਜ਼ ਘਟਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਕਰ ਲਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਦੇ ਨਾਮ ਅਮਿਤ, ਗੋਪੀ ਅਤੇ ਕਰਨ ਕੀੜਾ ਹਨ। ਉਨ੍ਹਾਂ ਦੀ ਤਲਾਸ਼ ਲਈ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਨੇ ਤਿੰਨੋ ਦੀਆਂ ਤਸਵੀਰਾਂ ਵੀ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਆਮ ਲੋਕ ਵੀ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਣ।

ਇਸ ਕਤਲ ਵਿੱਚ ਵਰਤੀ ਗਈ ਮੋਟਰਸਾਈਕਲ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਕ੍ਰਿਸ਼ਨਾ ਗੈਂਗ ਨਾਲ ਜੁੜੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਦੋ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਸਾਰੇ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਈ ਜਾ ਸਕੇ।

ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਅੰਮ੍ਰਿਤਸਰ ਵਿੱਚ ਇੱਕ ਪਰਿਵਾਰਕ ਕਾਰਜ ਵਿੱਚ ਸ਼ਾਮਲ ਹੋਣ ਆਏ ਹੋਏ ਸਨ। ਓਥੇ ਹੀ ਮੋਟਰਸਾਈਕਲ 'ਤੇ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ 'ਤੇ ਅਚਾਨਕ ਗੋਲੀਆਂ ਚਲਾਕੇ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ ਅਤੇ ਹਸਪਤਾਲ ਲੈ ਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।