Punjab News: ਅੰਮ੍ਰਿਤਸਰ 'ਚ ਹੜ੍ਹ ਕਾਰਨ ਸਕੂਲ ਛੁੱਟੀਆਂ ਦੇ ਹੁਕਮਾਂ ਦੀ ਉਲੰਘਣਾ, ਦੋ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਦਾ ਨੋਟਿਸ
ਮੁੜ ਤੋਂ ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉੱਡਾਈਆਂ ਗਈਆਂ। ਜਿੱਥੇ ਹੜ੍ਹਾਂ ਦੇ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਦੇ ਵਿੱਚ 3 ਸਤੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਉੱਥੇ ਹੀ ਕੁੱਝ ਪ੍ਰਾਈਵੇਟ ਸਕੂਲਾਂ..

ਅੰਮ੍ਰਿਤਸਰ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਹਾਲ ਹੀ ਵਿੱਚ ਆਈ ਹੜ੍ਹ ਸਥਿਤੀ ਨੂੰ ਦੇਖਦਿਆਂ ਵਿਭਾਗ ਵੱਲੋਂ 3 ਸਤੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਰ ਵਿਭਾਗ ਦੇ ਅਨੁਸਾਰ ਕੁਝ ਸਕੂਲਾਂ ਨੇ ਇਹਨਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਸਕੂਲ ਖੋਲ੍ਹ ਦਿੱਤੇ, ਜਿਸ ਕਾਰਨ ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ। ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ।
ਸਕੂਲਾਂ ਨੂੰ ਨੋਟਿਸ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹੜ੍ਹ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਅਤੇ ਆਡਿਟ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਐਲਾਨ ਦਿੱਤੀਆਂ ਹਨ। ਪਰ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਅੱਜ ਕੁੱਝ ਸਕੂਲ ਖੁੱਲੇ ਹੋਏ ਸਨ। ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਤੇ ਵੇਖਿਆ ਗਿਆ ਕਿ ਉਕਤ ਸਕੂਲ ਖੁੱਲੇ ਸਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸੰਬੰਧਿਤ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਰਾਜੇਸ਼ ਸ਼ਰਮਾ ਨੇ ਕਿਹਾ ਕਿ ਸਰਕਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ। ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਹੜ੍ਹ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਨਾਲਾ, ਲੋਪੋਕੇ ਵਰਗੇ ਉੱਚੇ ਇਲਾਕਿਆਂ ਵਿੱਚ ਸਥਿਤ ਸਰਕਾਰੀ ਸਕੂਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਰਹਿਣ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਅਤੇ ਭੋਜਨ ਦੀ ਸੁਵਿਧਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਾਥਰੂਮਾਂ ਨੂੰ ਵੀ ਸਾਫ਼ ਰੱਖਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















