Amritsar News: ਬਟਾਲਾ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਪੁਲਿਸ ਅਨੁਸਾਰ ਮ੍ਰਿਤਕ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ। ਉਸ ਦੇ ਘਰ ਪਹੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।
ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਰੰਗੜ ਨੰਗਲ ਦੇ ਪੁਲਿਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਤੇ ਸੀਆਈਏ ਦੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਸੀ। ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਮੁਤਾਬਕਕ ਕਤਲ ਦਾ ਕਾਰਨ ਕੀ ਹੈ, ਇਹ ਤਾਂ ਗ੍ਰਿਫਤਾਰੀ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।