ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਪਹੁੰਚੇ। ਮੁੱਖ ਮੰਤਰੀ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ।

Continues below advertisement



ਇਸ ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਲੱਖਾਂ-ਕਰੋੜਾਂ ਨਾਨਕ ਨਾਮ ਲੇਵਾ ਸੰਗਤ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨਾਂ 'ਤੇ ਮੱਥਾ ਟੇਕ ਰਹੀ ਹੈ ਅਤੇ ਉਨ੍ਹਾਂ ਦੀ ਬਾਣੀ ਦਾ ਸਿਮਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਸੌਭਾਗਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਆ ਕੇ ਸ਼ਰਧਾ ਨਾਲ ਨਤਮਸਤਕ ਹੋਣ ਦਾ ਮੌਕਾ ਮਿਲਿਆ।



 




ਸ਼ਰਧਾਲੂਆਂ ਦੀ ਸੁਵਿਧਾ ਲਈ ਅੰਮ੍ਰਿਤਸਰ 'ਚ ਆਧੁਨਿਕ ਪ੍ਰਬੰਧ


ਭਗਵੰਤ ਮਾਨ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਅੰਮ੍ਰਿਤਸਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ। ਸ੍ਰੀ ਦਰਬਾਰ ਸਾਹਿਬ ਤੱਕ ਜਾਣ ਵਾਲੀਆਂ ਸੜਕਾਂ ਅਤੇ ਪਾਰਕਿੰਗ ਸੁਵਿਧਾਵਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਸੁਧਾਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।



ਕਰਤਾਰਪੁਰ ਦਾ ਲਾਂਘਾ ਖੁੱਲ੍ਹਣਾ ਚਾਹੀਦਾ ਹੈ — ਭਗਵੰਤ ਮਾਨ
ਕਰਤਾਰਪੁਰ ਕੋਰੀਡੋਰ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਤੱਕ ਹੋ ਰਹੇ ਹਨ, ਤਾਂ ਕਰਤਾਰਪੁਰ ਦਾ ਲਾਂਘਾ ਵੀ ਖੁੱਲ੍ਹਾ ਰਹਿਣਾ ਚਾਹੀਦਾ ਹੈ। ਇਸ ਨਾਲ ਸ਼ਰਧਾਲੂਆਂ ਨੂੰ ਆਸਾਨੀ ਹੋਵੇਗੀ ਅਤੇ ਦੋਵੇਂ ਦੇਸ਼ਾਂ ਵਿਚਕਾਰ ਵਪਾਰ, ਰੋਜ਼ਗਾਰ ਤੇ ਆਪਸੀ ਭਰੋਸੇ ਦੇ ਨਵੇਂ ਰਸਤੇ ਖੁੱਲ੍ਹਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਇਸ ਧਰਤੀ ‘ਤੇ ਵੱਸਣ ਵਾਲੇ ਲੋਕਾਂ ਨੂੰ ਸਮਝ, ਤਾਕਤ ਅਤੇ ਸੱਚੇ ਰਾਹ ‘ਤੇ ਤੁਰਨ ਦੀ ਸ਼ਕਤੀ ਬਖ਼ਸ਼ੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਤਾਕਤ ਸਾਨੂੰ ਮਿਲੇ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।