Punjab News: ਪੰਜਾਬ ਪੁਲਿਸ ਦੀ ਇੱਕ ਪਾਰਟੀ ਵਿੱਚ ਨੱਚਣ-ਗਾਉਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਅੰਮ੍ਰਿਤਸਰ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਕਈ ਥਾਣਾ ਮੁਖੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਨੱਚਦੇ-ਗਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਸੱਟੇਬਾਜ਼ ਕਮਲ ਬੋਰੀ ਵੀ ਪੁਲੀਸ ਮੁਲਾਜ਼ਮਾਂ ਨਾਲ ਨਜ਼ਰ ਆ ਰਿਹਾ ਹੈ। ਮਾਮਲੇ ਸਬੰਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਕਈ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਹਨ।


ਵਾਇਰਲ ਵੀਡੀਓ 'ਚ ਇਹ ਪੁਲਿਸ ਮੁਲਾਜ਼ਮ ਨਜ਼ਰ ਆ ਰਹੇ ਸਨ


ਅੰਮ੍ਰਿਤਸਰ ਵਿੱਚ ਇੱਕ ਪਾਰਟੀ ਦੀ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ਵਿੱਚ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਨਜ਼ਰ ਆ ਰਹੇ ਹਨ। ਜਿਸ ਵਿੱਚ ਅਟਾਰੀ ਦੇ ਡੀਐਸਪੀ ਪਰਵੇਸ਼ ਚੋਪੜਾ, ਅਜਨਾਲਾ ਦੇ ਡੀਐਸਪੀ ਸੰਜੀਵ ਕੁਮਾਰ, ਇੰਸਪੈਕਟਰ ਗਗਨਦੀਪ ਸਿੰਘ ਅਤੇ ਇੰਸਪੈਕਟਰ ਨੀਰਜ ਕੁਮਾਰ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ। ਦੂਜੇ ਪਾਸੇ ਵੀਡੀਓ 'ਚ ਨਜ਼ਰ ਆ ਰਹੇ ਕਮਲ ਬੋਰੀ 'ਤੇ ਸੱਟੇਬਾਜ਼ੀ ਅਤੇ ਘਰਾਂ 'ਤੇ ਨਾਜਾਇਜ਼ ਕਬਜ਼ਿਆਂ ਤੋਂ ਇਲਾਵਾ ਕਈ ਮਾਮਲੇ ਦਰਜ ਕੀਤੇ ਗਏ ਹਨ।






ਜਲੰਧਰ ਦੇ ਸੰਸਦ ਮੈਂਬਰ ਨੇ ਇਸ ਮਾਮਲੇ 'ਤੇ ਕੀ ਕਿਹਾ?


ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਡਾਂਸ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਨਾਲ ਦੇਖਿਆ ਜਾਂਦਾ ਹੈ ਤਾਂ ਇਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਂ ਡੀਜੀਪੀ ਪੰਜਾਬ ਨੂੰ ਬੇਨਤੀ ਕਰਾਂਗਾ ਕਿ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


'ਪਠਾਨਕੋਟ ਟ੍ਰੈਫਿਕ ਪੁਲਿਸ ਦੀ ਹੋ ਰਹੀ ਹੈ ਸ਼ਲਾਘਾ'


ਦੂਜੇ ਪਾਸੇ ਪਠਾਨਕੋਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਟਰੈਫਿਕ ਪੁਲੀਸ ਮੁਲਾਜ਼ਮ ਟੁੱਟੀ ਸੜਕ ਨੂੰ ਮਿੱਟੀ ਨਾਲ ਭਰਦੇ ਨਜ਼ਰ ਆ ਰਹੇ ਹਨ। ਜਿਵੇਂ ਹੀ ਇਹ ਵੀਡੀਓ ਅਧਿਕਾਰੀਆਂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਟਰੈਫਿਕ ਪੁਲਿਸ ਮੁਲਾਜ਼ਮਾਂ ਦੀ ਤਾਰੀਫ ਕੀਤੀ।