Amritsar News : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਦੱਸਣਯੋਗ ਹੈ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ 5 ਮਈ ਨੂੰ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਮੁੱਖ ਸਮਾਗਮ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਹਨ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ 16 ਅਪ੍ਰੈਲ ਨੂੰ ਦਿੱਲੀ ਤੋਂ ਖਾਲਸਾ ਫ਼ਤਹ ਮਾਰਚ ਆਰੰਭ ਕੀਤਾ ਗਿਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 4 ਮਈ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ।
ਉਨ੍ਹਾਂ ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਸ ਤਹਿਤ ਬੁੰਗਾ ਰਾਮਗੜੀਆ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ। 5 ਮਈ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਮੌਕੇ ਪੰਥ ਪ੍ਰਸਿੱਧਖ ਰਾਗੀ, ਢਾਡੀ ਅਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।