Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦ ਲਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।


ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਨਿਸ਼ਾਨੇ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 


ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਵਿਚਾਲ ਰਹੇ 'ਕਲੇਸ਼' ਵਿੱਚ ਰਾਘਵ ਚੱਢਾ ਦੀ ਮੰਗਣੀ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਕਮਜ਼ੋਰ ਹੋਣ ਦੀ ਕੀਤੀ ਸੀ ਗੱਲ


ਬੀਤੇ ਇੱਕ ਸਾਲ ਤੋਂ ਅਕਾਲੀ ਦਲ ਨਾਲ ਜਥੇਦਾਰ ਦੇ ਸੰਬੰਧ ਕੋਈ ਚੰਗੇ ਨਹੀਂ ਸਨ। ਪੰਥਕ ਸਟੇਜਾਂ ਤੋਂ ਸ਼ਰੇਆਮ ਅਕਾਲੀ ਦਲ ਨੂੰ ਸਰਮਾਏਦਾਰਾਂ ਦੀ ਪਾਰਟੀ ਤੇ ਅਕਾਲੀ ਦਲ ਦਾ ਅਸਲ ਵਜੂਦ ਖ਼ਤਮ ਹੋਣ ਦੇ ਬਿਆਨ ਦੇਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਟਾਰਗੇਟ 'ਤੇ ਸਨ। ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਅਤੇ ਅਕਾਲੀ ਦਲ ਦਰਮਿਆਨ ਰੰਜਿਸ਼ ਚੱਲ ਰਹੀ ਸੀ। ਜਥੇਦਾਰਾਂ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਇੱਕ ਵਾਰ ਤਾਂ ਜਥੇਦਾਰ ਨੇ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਦੀ ਸਲਾਹ ਵੀ ਦਿੱਤੀ ਸੀ।


2018 ਵਿੱਚ ਗਿਆਨੀ ਹਰਪ੍ਰੀਤ ਸਿੰਘ ਬਣੇ ਸੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ


ਜ਼ਿਕਰ ਕਰ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ।ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।