ਪਰਮਜੀਤ ਸਿੰਘ ਦੀ ਰਿਪੋਰਟ


 
Sri Akal Takht Sahib Foundation Day : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਪੰਥਕ ਜਥੇਬੰਦੀ ਦੇ ਕੇਂਦਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਅਲਾਹੀ ਕੀਰਤਨ ਕੀਤਾ ਗਿਆ।

ਇਤਿਹਾਸ ਦੱਸਦਾ ਹੈ ਕਿ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਜਿੱਥੇ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਪੀਰੀ ਦੇ ਨਾਲ ਨਾਲ ਮੀਰੀ ਦਾ ਸਿਧਾਂਤ ਦੇ ਕੇ ਉਨ੍ਹਾਂ ਨੂੰ ਸ਼ਸਤਰਧਾਰੀ ਹੋਣ ਦੀ ਤਾਕੀਦ ਕੀਤੀ ਤਾਂ ਉੱਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਦੇ ਨਿਆਰੇਪਨ ਤੇ ਚੜ੍ਹਦੀਕਲਾ ਨੂੰ ਵੀ ਪ੍ਰਗਟ ਕੀਤਾ। ਸ਼੍ਰੀ ਅਕਾਲ ਤਖ਼ਤ ਸਾਹਿਬ ਜਿੱਥੇ ਸਿੱਖ ਸ਼ਕਤੀ ਦਾ ਸੌਮਾ ਹੈ, ਉਥੇ ਹੀ ਖਾਲਸਾਈ ਜਾਹੋ ਜਲਾਲ ਨੂੰ ਵੀ ਪ੍ਰਗਟ ਕਰਦਾ ਹੈ।

ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਪੰਥਕ ਜਥੇਬੰਦੀ ਦੇ ਕੇਂਦਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਅਲਾਹੀ ਕੀਰਤਨ ਕੀਤਾ ਗਿਆ। ਇਸ ਮੌਕੇ ਪਾਵਨ ਗੁਰੂ ਦਰਬਾਰ ਵਿੱਚ ਹਾਜ਼ਰ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁਚੇ ਸਿੱਖ ਜਗਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਾਵਨ ਤਖਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦੇ ਵਿਲੱਖਣ ਸਿਧਾਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਵੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਅਕਾਲੀ ਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਕੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਮੀਰੀ-ਪੀਰੀ ਦੇ ਸਿਧਾਂਤ ਨੂੰ ਪ੍ਰਤੱਖ ਰੂਪ ਵਿੱਚ ਸਾਕਾਰ ਕਰਨ ਲਈ ਸਿਰਜੇ ਗਏ ਸਰਬ ਸਤਿਕਾਰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਅੱਜ ਲੋੜ ਹੈ ਕਿ ਅਸੀਂ ਸਭ ਪਾਵਨ ਗੁਰਬਾਣੀ ਦੇ ਲੜ ਲੱਗ ਕੇ ਗੁਰੂ ਸਾਹਿਬ ਦੇ ਆਦੇਸ਼ ਮੁਤਾਬਕ ਸਮਾਜ ਵਿੱਚ ਪਸਰੇ ਜ਼ਬਰ, ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰੀਏ।