SGPC: ਪਾਕਿਸਤਾਨ 'ਚ ਸਿੱਖ ਸ਼ਰਧਾਲੂਆਂ ਦੀ ਲੁੱਟ 'ਤੇ SGPC ਨੇ ਚੁੱਕੇ ਸਵਾਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
Pakistan Sikh Devotees Loot Case: ਪਾਕਿਸਤਾਨ ਵਿੱਚ ਸਿੱਖ ਸ਼ਰਧਾਲੂਆਂ ਦੀ ਹੋ ਰਹੀ ਲੁੱਟ ਖਿਲਾਫ ਸ਼੍ਰੋਮਣੀ ਕਮੇਟੀ ਅਤੇ ਭਾਜਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Punjab News: ਪੰਜਾਬ ਦੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ। ਇਸ ਦੌਰਾਨ ਜੱਥੇ ਦੇ ਮੈਂਬਰਾਂ ਨਾਲ ਲਾਹੌਰ ਵਿੱਚ ਲੁੱਟ-ਖੋਹ ਕੀਤੀ ਗਈ। ਪੁਲਿਸ ਦੀ ਵਰਦੀ ਵਿੱਚ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਲੁੱਟ ਲਿਆ। ਇਸ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵਿਰੋਧ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਧਾਮੀ ਨੇ ਕਿਹਾ ਕਿ ਭਾਰਤ ਵਿੱਚੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਕਰਨਾ ਪਾਕਿਸਤਾਨ ਸਰਕਾਰ ਅਤੇ ਉਥੋਂ ਦੀ ਪੁਲਿਸ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸ ਘਟਨਾ ਨੇ ਸ਼ਰਧਾਲੂਆਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਭਾਜਪਾ ਆਗੂਆਂ ਨੇ ਵੀ ਸਵਾਲ ਚੁੱਕੇ
ਜਦੋਂਕਿ ਪੰਜਾਬ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ, ਕੰਵਰਬੀਰ ਸਿੰਘ ਮੰਜ਼ਿਲ, ਗੁਰਪ੍ਰਤਾਪ ਟਿੱਕਾ ਅਤੇ ਅਜੇ ਬੀਰਪਾਲ ਰੰਧਾਵਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪਾਕਿਸਤਾਨ ਸਰਕਾਰ ਧਾਰਮਿਕ ਯਾਤਰਾ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕਰਦੀ। ਇਸ ਘਟਨਾ ਕਾਰਨ ਵਿਸ਼ਵ ਪੱਧਰ 'ਤੇ ਪਾਕਿਸਤਾਨ ਦਾ ਅਕਸ ਖਰਾਬ ਹੋਇਆ ਹੈ।
ਪੀੜਤਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ
ਭਾਜਪਾ ਆਗੂਆਂ ਨੇ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਅਤੇ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪਾਕਿਸਤਾਨ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਤੋਂ ਪੀੜਤ ਪਰਿਵਾਰ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Weather : ਮੀਂਹ ਤੇ ਗੜ੍ਹਿਆ ਤੋਂ ਬਾਅਦ ਇੱਕਦਮ ਵਧੀ ਠੰਢੀ, ਜੁਆਕਾਂ ਤੇ ਬਜ਼ੁਰਗਾਂ ਦਾ ਰੱਖੋ ਖ਼ਾਸ ਧਿਆਨ