Amritsar News: 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਵਾਲੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ 4 ਜੁਲਾਈ 1955 ਨੂੰ ਸਰਕਾਰ ਵੱਲੋਂ ਹਮਲਾ ਕੀਤਾ ਗਿਆ।
Amritsar News: ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਇਸ ਘਟਨਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਵਾਲੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ 4 ਜੁਲਾਈ 1955 ਨੂੰ ਸਰਕਾਰ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਹਮੇਸ਼ਾ ਹੀ ਸਿੱਖਾਂ ਨਾਲ ਧੱਕਾ ਕੀਤਾ ਹੈ ਅਤੇ ਦੇਸ਼ ਦੀ ਅਜ਼ਾਦੀ ਦੇ ਮਹਿਜ 8 ਸਾਲ ਮਗਰੋਂ ਇਹ ਹਮਲਾ ਸਿੱਖਾਂ ਦੀ ਪੰਜਾਬੀ ਸੂਬੇ ਦੀ ਹੱਕੀ ਮੰਗ ਨੂੰ ਦਬਾਉਣ ਲਈ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਮਗਰੋਂ ਜੂਨ 1984 ਵਿਚ ਇੰਦਰਾ ਗਾਂਧੀ ਦੀ ਸਰਕਾਰ ਨੇ ਵੀ ਸਿੱਖ ਕੌਮ ਦੇ ਕੇਂਦਰੀ ਅਸਥਾਨ ’ਤੇ ਹਮਲਾ ਕਰਕੇ ਗਹਿਰੇ ਜ਼ਖ਼ਮ ਦਿੱਤੇ, ਜਿਸ ਨੂੰ ਕੌਮ ਕਦੇ ਵੀ ਨਹੀਂ ਭੁੱਲ ਸਕਦੀ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਖੋਰਾ ਲਗਾਉਣ ਦੇ ਮੰਤਵ ਨਾਲ ਮੌਜੂਦਾ ਸਮੇਂ ਵੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਰਕਾਰੀ ਯਤਨ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 1955 ’ਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਹਮਲਾ ਕੀਤਾ ਸੀ, ਇਸੇ ਤਰ੍ਹਾਂ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ ਨੂੰ ਖੰਡਤ ਕਰਨ ਦੀ ਕੋਝੀ ਹਰਕਤ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਪੰਥ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸਾਂ ਦਾ ਮੂੰਹਤੋੜ ਜਵਾਬ ਦਿੱਤਾ ਹੈ ਅਤੇ ਅਗਾਂਹ ਵੀ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਦਾ ਡਟਵਾਂ ਜਵਾਬ ਦਿੱਤਾ ਜਾਵੇਗਾ।