Amritsar News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਇੱਕਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰੀ ਸਿੱਖ ਕੌਮ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਖੜੀ ਹੈ। ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੇ ਲਈ ਕੋਰਟ ਦੇ ਵਿੱਚ ਪਟੀਸ਼ਨ ਪਾਈ ਜਾਵੇ ਜਿਸ ਤੋਂ ਬਾਅਦ 2012 ਵਿੱਚ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨੂੰ ਇੱਕ ਪਟੀਸ਼ਨ ਪਾਈ ਸੀ ਪਰ ਉਹ 7-8 ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਫੈਸਲਾ ਨਹੀਂ ਹੋਇਆ।


ਐਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੈਣ ਦੇ ਰਾਹੀਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ ਕਿ ਜਿਹੜੀ ਪਟੀਸ਼ਨ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਸੀ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਧਾਮੀ ਨੇ ਕਿਹਾ ਕਿ ਤਿੰਨ ਸਾਲ ਉਸ ਗੱਲ ਨੂੰ ਵੀ ਹੋ ਚੱਲਿਆ ਹਨ ਪਰ ਬਹੁਤ ਸਾਰੀਆਂ ਤਰੀਕਾਂ ਪਈਆਂ, ਸੁਪਰੀਮ ਕੋਰਟ ਵੱਲੋਂ ਭਾਰਤ ਸਰਕਾਰ ਨੂੰ ਤਾੜਨਾ ਵੀ ਕੀਤੀ ਗਈ ਪਰ ਅਖ਼ੀਰ ਉਹ ਪਟੀਸ਼ਨ ਡਿਸਮਿਸ ਕੀਤੀ ਗਈ ਜਿਸ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਸਮਰਥ ਹੈ ਉਹ ਆਪਣੇ ਤੌਰ 'ਤੇ ਫੈਸਲਾ ਲੈ ਸਕਦੀ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।


ਇਸ ਮਾਮਲੇ ਨੂੰ ਲੈ ਕੇ ਹੁਣ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਦੀ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨਾਲ ਟਕਰਾਅ ਨਹੀਂ ਚਾਹੁੰਦੇ, ਅਸੀਂ ਸਿਰਫ਼ ਇਨਸਾਫ਼ ਮੰਗਦੇ ਹਾਂ ਉਹ ਵੀ ਕਾਨੂੰਨ ਦੇ ਦਾਅਰੇ ਵਿੱਚ ਰਹਿ ਕੇ ਮੰਗ ਰਹੇ ਹਾਂ, ਇਹ ਮਸਲਾ ਸਰਕਾਰਾਂ ਦਾ ਹੈ ਹੁਣ ਅੱਜ ਇਹ ਫੈਸਲਾ ਕੀਤਾ ਗਿਆ ਹੈ ਕਿ ਗੱਲਬਾਤ ਰਾਹੀਂ ਇਹ ਮਸਲਾ ਹੱਲ ਕਰੀਏ।


ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਜਾਵੇਗੀ ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਲਿਆ ਜਾਵੇਗਾ। ਇਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਗੁਰਦੀਪ ਸਿੰਘ ਖਹਿੜਾ ਤੇ ਭੁੱਲਰ ਦੀ ਰਿਹਾਈ ਲੈ ਕੇ ਗੱਲਬਾਤ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਕਾਫੀ ਸਮਾਂ ਜੇਲ ਵਿੱਚ ਬਤੀਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਹਮੇਸ਼ਾ ਹੀ ਸਰਬਤ ਦੇ ਭਲੇ ਲਈ ਤੇ ਸਿੱਖੀ ਸਿਧਾਂਤਾਂ ਦੇ ਅਨੁਕੂਲ ਹੈ। 


ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਜਾਰੀ ਹੈ ਕਿ ਤੁਸੀਂ ਗੱਲਬਾਤ ਰਾਹੀਂ ਮਾਹੌਲ ਬਣਾਓ। ਉਨ੍ਹਾਂ ਕਿਹਾ ਕਿ ਸਾਡੇ ਵਿੱਚ ਸਾਰੇ ਵਿਦਵਾਨ ਹਨ ਅਸੀਂ ਪੂਰਜ਼ੋਰ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਭਾਈ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਾਰਥਕ ਯਤਨ ਕੀਤੇ ਜਾ ਰਹੇ ਹਨ। ਧਾਮੀ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਨਾਲ ਪੁਰੀ ਹਮਦਰਦੀ ਰੱਖਦੇ ਹਨ। ਇਹ ਪੰਜ ਮੈਂਬਰੀ ਕਮੇਟੀ ਪ੍ਰਧਾਨ ਮੰਤਰੀ ਮੋਦੀ ਨਾਲ ਮਿਲਣ ਦਾ ਯਤਨ ਕਰੇਗੀ।