Amritsar News : ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਇਸ ਤਹਿਤ ਜਿਥੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਟੀਮਾਂ ਸਬੰਧਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਦੇ ਆਦੇਸ਼ ਕੀਤੇ ਹਨ। ਇਸੇ ਤਹਿਤ ਵੱਖ-ਵੱਖ ਥਾਵਾਂ `ਤੇ 25 ਗੁਰਦੁਆਰਾ ਸਾਹਿਬਾਨ ਵਿਚ ਕੇਂਦਰ ਸਥਾਪਿਤ ਕਰਕੇ ਰਾਹਤ ਕਾਰਜ ਆਰੰਭੇ ਗਏ ਸਨ, ਜੋ ਲਗਾਤਾਰ ਜਾਰੀ ਹਨ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ।
ਉਨ੍ਹਾ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਚਾਰੇ ਦੀ ਲੋੜ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਵੀ ਪ੍ਰਬੰਧ ਕੀਤੇ ਗਏ ਹਨ। ਪਸ਼ੂਆਂ ਲਈ ਜਿਥੇ ਵੱਖ-ਵੱਖ ਥਾਵਾਂ ਤੋਂ ਹਰਾ ਚਾਰਾ ਭੇਜਿਆ ਜਾ ਰਿਹਾ ਹੈ ਉਥੇ ਚਾਰੇ ਲਈ ਅਚਾਰ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਸੰਗਤਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖੁਦ ਹੜ੍ਹ ਪੀੜ੍ਹਤਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਲੋੜ ਅਨੁਸਾਰ ਦਿਸ਼ਾ-ਨਿਰਦੇਸ਼ ਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।