Amritsar News : ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ  ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ।




ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ।

 


 

ਦੱਸ ਦੇਈਏ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀਆਂ ਗੱਲਾਂ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਓਲੰਪੀਅਨ ਪਹਿਲਵਾਨ ਕੁੜੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ।  

 

ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ ਪਰ ਬ੍ਰਿਜ ਭੂਸ਼ਣ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।