Amritsar News: ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ। ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿੱਥੇ ਪੀੜਤ ਇਲਾਕਿਆਂ ਵਿੱਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ। ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਪੰਜਾਬ ਵਿੱਚ ਕਿਹੋ ਜਿਹੇ ਨੇ ਹਾਲਾਤ ?
ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀ ਸਤਲੁਜ ਦਰਿਆ ਦੇ ਨੇੜੇ ਮੌਜੂਦ ਹਨ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਰਹਿ ਗਿਆ ਹੈ।
ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਦੂਜੇ ਪਾਸੇ, ਸੋਮਵਾਰ ਰਾਤ ਤੋਂ ਮੰਗਲਵਾਰ ਤੱਕ ਵਾਪਰੀਆਂ ਘਟਨਾਵਾਂ ਵਿੱਚ, ਅੰਮ੍ਰਿਤਸਰ ਵਿੱਚ ਇੱਕ ਲਗਭਗ 100 ਸਾਲ ਪੁਰਾਣੀ ਇਮਾਰਤ ਡਿੱਗ ਗਈ, ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਸਠਿਆਲਾ ਪਿੰਡ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ 12 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰ ਜ਼ਖਮੀ ਹੋ ਗਏ।