Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੀਬੀ ਜਗੀਰ ਕੌਰ ਬਾਬਤ ਬੋਲੀ ਗਈ ਗ਼ਲਤ ਸ਼ਬਦਾਵਲੀ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਮਾਮਲੇ 'ਤੇ ਪਹਿਲਾਂ ਹੀ ਸੂਓ ਮੋਟੋ ਲਿਆ ਹੈ।
ਇਸ ਦੇ ਨਾਲ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ ਕਿ SGPC ਪ੍ਰਧਾਨ ਨੂੰ ਇਖਲਾਈ ਤੌਰ ਉੱਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਮਹਿਲਾ ਕਮਿਸ਼ਨ ਕੋਲ ਵੀ ਤਲਬ ਹੋਏ ਹਰਜਿੰਦਰ ਧਾਮੀ
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਕੱਲ੍ਹ ਹੀ ਚੰਡੀਗੜ੍ਹ ਪੁੱਜੇ ਸਨ। ਜਿੱਥੇ ਉਨ੍ਹਾਂ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗ਼ਲਤੀ ਹੋਈ ਹੈ, ਜਿਸ ਲਈ ਉਹ ਮੁਆਫ਼ੀ ਮੰਗਦੇ ਹਨ ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ 'ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਸਨੂੰ ਕਾਲ ਕਰਨਗੇ ਤੇ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ ਜਿਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਇਸ ਮਾਮਲੇ ਦੇ ਮੀਡੀਆ 'ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਐਡਵੋਕੇਟ ਧਾਮੀ ਨੂੰ ਨੋਟਿਸ ਭੇਜਿਆ ਸੀ। ਕੱਲ੍ਹ ਧਾਮੀ ਇਸ ਜਵਾਬ ਨੂੰ ਲੈ ਕੇ ਮਹਿਲਾ ਕਮਿਸ਼ਨ ਕੋਲ ਪਹੁੰਚੇ ਸੀ। ਇਸ ਦੇ ਨਾਲ ਹੀ ਹੁਣ ਮਹਿਲਾ ਕਮਿਸ਼ਨ ਜਲਦੀ ਹੀ ਬੀਬੀ ਜਗੀਰ ਕੌਰ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਲੈ ਸਕਦਾ ਹੈ।
ਹਰਜਿੰਦਰ ਸਿੰਘ ਧਾਮੀ ਨੇ ਮੰਗੀ ਸੀ ਮੁਆਫੀ
ਦੱਸ ਦਈਏ ਕਿ ਬੀਤੇ ਸ਼ਨੀਵਾਰ ਨੂੰ ਐਡਵੋਕੇਟ ਧਾਮੀ ਨੇ ਖ਼ੁਦ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੁਆਫੀਨਾਮਾ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਫੋਨ 'ਤੇ ਗੱਲ ਕਰਦੇ ਸਮੇਂ ਮੈਂ ਅਣਜਾਣੇ 'ਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਦਿੱਤੇ। ਮੈਂ ਉਸ ਭਾਸ਼ਾ ਲਈ ਮੁਆਫੀ ਮੰਗਦਾ ਹਾਂ। ਮੈਂ ਬੀਬੀ ਜਗੀਰ ਕੌਰ ਤੇ ਸਮੂਹ ਬੀਬੀਆਂ ਤੋਂ ਮੁਆਫੀ ਮੰਗਦਾ ਹਾਂ।