Amritsar News: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੀ-ਘੇਰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਹੀ ਘਿਰਦੀ ਜਾ ਰਹੀ ਹੈ। ਬੇਸ਼ੱਕ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ ਵਿੱਚ ਸੋਧ ਦਾ ਵਿਰੋਧ ਕਰ ਰਹੀਆਂ ਹਨ ਪਰ ਨਾਲ ਹੀ ਸਵਾਲ ਉਠ ਖੜ੍ਹਾ ਹੈ ਕਿ ਆਖਰ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਚੈਨਲ ਕਿਉਂ ਨਹੀਂ ਖੋਲ੍ਹ ਰਹੀ।



ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸੋਮਵਾਰ ਨੂੰ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ, ਰਾਮਪਾਲ ਸਿੰਘ ਬਹਿਣੀਵਾਲ ਤੇ ਨਿਰਮੈਲ ਸਿੰਘ ਜੌਲਾਂ ਦੀ ਸ਼ਮੂਲੀਅਤ ਵਾਲੇ ਵਫ਼ਦ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਵੀ ਸੌਂਪਿਆ।

ਉਨ੍ਹਾਂ ਇਸ ਮੰਗ ਪੱਤਰ ਰਾਹੀਂ ਜਨਰਲ ਇਜਲਾਸ ਵਿੱਚ ਮਤਾ ਪੇਸ਼ ਕੀਤਾ। ਇਨ੍ਹਾਂ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਿੱਧੀ ਦਖ਼ਲਅੰਦਾਜ਼ੀ ਦਾ ਰਾਹ ਬਰਾਸਤਾ ਸ਼੍ਰੋਮਣੀ ਅਕਾਲੀ ਦਲ ਖੁੱਲ੍ਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕੀਤੀ ਹੈ ਕਿ ਉਹ ਬਿਨਾਂ ਦੇਰੀ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰੇ।

ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਹੋਣ ਕਾਰਨ ਹੀ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਦੇ ਪਰਸਾਰਨ ਦੇ ਏਕਾਧਿਕਾਰ ਨੂੰ ਖ਼ਤਮ ਕਰਨ ਦੇ ਨਾਂ ਹੇਠ ਸਿੱਖ ਗੁਰਦੁਆਰਾ ਐਕਟ 1925 ਵਿਚ ਗੈਰ ਸੰਵਿਧਾਨਕ ਤੌਰ ’ਤੇ ਸੋਧ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਤੇ ਉਤਰ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਚੈਨਲ ਨੂੰ ਵਿੱਤੀ ਲਾਭ ਦੇਣ ਵਾਸਤੇ ਕੀਰਤਨ ਦੇ ਪ੍ਰਸਾਰਨ ਦੇ ਸਮੁੱਚੇ ਹੱਕ ਸ਼੍ਰੋਮਣੀ ਕਮੇਟੀ ਰਾਹੀਂ ਆਪਣੇ ਚੈਨਲ ਨੂੰ ਦਿੱਤੇ ਹੋਏ ਹਨ।