Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ (Sukhbir Badal) ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ। ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਨੇ ਸੁਖਬੀਰ ਬਾਦਲ ਉੱਤੇ ਹੋਏ ਹਮਲੇ ਮੁਤੱਲਕ ਮੀਟਿੰਗ ਕੀਤੀ ਹੈ ਜਿਸ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦਾ ਮਤਾ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਮਿਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਖਰੀ ਕਮੇਟੀ ਬਣਾਈ ਹੈ।
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਹਮਲੇ ਵਿੱਚ ਗੋਲੀ ਸ੍ਰੀ ਹਰਿਮੰਦਰ ਸਾਹਿਬ ਦੀ ਡਿਊੜੀ ਉੱਤੇ ਗੋਲ਼ੀ ਲੱਗੀ ਹੈ ਜਿਸ ਨਾਲ ਸੰਗਤ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਇਸ ਦੇ ਨਾਲ ਸੰਗਤ ਦੇ ਅੰਦਰ ਡਰ ਦਾ ਮਾਹੌਲ ਪੈਦਾ ਹੋਇਆ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਹੈ ਤੇ ਇਹ ਬਹੁਤ ਦੁਖਾਦਾਈ ਹੈ ਇਸ ਲਈ ਦੋਖੀ ਦੇ ਵਿਰੁੱਧ ਪੰਥਕ ਕਾਰਵਾਈ ਕੀਤੀ ਜਾਵੇ ਤੇ ਉਸ ਨੂੰ ਪੰਥ ਚੋਂ ਛੇਕਿਆ ਜਾਵੇ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਡੂੰਘੀ ਸਾਜ਼ਿਸ਼ ਦਾ ਨਤੀਜਾ ਦੱਸਿਆ ਹੈ ਤੇ ਇਸ ਨੂੰ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੀ ਮਹਿਸੂਸ ਕਰਦੀ ਹੈ ਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।