Amritsar News: ਸ਼੍ਰੋਮਣੀ ਕਮੇਟੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਉਸ ਦੀ ਚੇਲੀ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਪ੍ਰਦੀਪ ਕਲੇਰ ਵੱਲੋਂ ਕੀਤੇ ਖੁਲਾਸੇ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਸਭ ਕੁਝ ਸਪਸ਼ਟ ਹੋ ਗਿਆ ਹੈ। ਇਸ ਲਈ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਜਾਏ।



ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਦੇ ਮੁਲਜ਼ਮ ਪ੍ਰਦੀਪ ਕਲੇਰ ਵੱਲੋਂ ਕੀਤੇ ਗਏ ਖੁਲਾਸੇ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਪ੍ਰਦੀਪ ਕਲੇਰ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਾਈਟੀ) ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਹੈ ਕਿ 2015 'ਚ ਰਾਮ ਰਹੀਮ ਤੇ ਹਨੀਪ੍ਰੀਤ ਦੇ ਕਹਿਣ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। 



ਪ੍ਰਦੀਪ ਕਲੇਰ ਨੇ ਕਿਹਾ ਹੈ ਕਿ ਇਹ ਸਾਰੀ ਸਾਜ਼ਿਸ਼ ਇੱਕ ਧਰਮ ਪ੍ਰਚਾਰਕ ਦੀ ਕਥਾ ਤੋਂ ਬਾਅਦ ਰਾਮ ਰਹੀਮ ਦੀ ਫੋਟੋ ਵਾਲੇ ਲਾਕੇਟ ਜ਼ਮੀਨ 'ਤੇ ਸੁੱਟੇ ਜਾਣ ਦੀ ਘਟਨਾ ਤੋਂ ਬਾਅਦ ਰਚੀ ਗਈ ਸੀ। 20 ਫਰਵਰੀ ਨੂੰ ਪ੍ਰਦੀਪ ਕਲੇਰ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ, ਚੰਡੀਗੜ੍ਹ ਅੱਗੇ ਧਾਰਾ 164 ਤਹਿਤ ਆਪਣਾ ਬਿਆਨ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਉਸ ਨੇ ਐਸਆਈਟੀ ਨੂੰ ਆਪਣਾ ਬਿਆਨ ਦਰਜ ਕਰਵਾਇਆ। 



ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪ੍ਰਦੀਪ ਕਲੇਰ ਵੱਲੋਂ ਅਦਾਲਤ 'ਚ ਦਰਜ ਕਰਵਾਏ ਬਿਆਨਾਂ ਤੋਂ ਸਪੱਸ਼ਟ ਹੈ ਕਿ ਇਸ ਸਾਰੀ ਘਟਨਾ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸੂਬਾ ਸਰਕਾਰਾਂ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਬਜਾਏ ਇਸ ਗੰਭੀਰ ਮਾਮਲੇ 'ਤੇ ਸਿਰਫ਼ ਸਿਆਸਤ ਕੀਤੀ ਹੈ।



ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਹੁਣ ਜਦੋਂ ਪ੍ਰਦੀਪ ਕਲੇਰ ਦੇ ਬਿਆਨਾਂ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਦੇ ਨਾਂ ਸਪੱਸ਼ਟ ਤੌਰ 'ਤੇ ਸਾਹਮਣੇ ਆ ਚੁੱਕੇ ਹਨ ਤਾਂ ਸਰਕਾਰ ਨੂੰ ਇਨ੍ਹਾਂ ਦੋਵਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੰਜਾਬ ਲਿਆ ਕੇ ਜਾਂਚ ਨੂੰ ਅੱਗੇ ਵਧਾਉਣਾ ਚਾਹੀਦਾ ਹੈ। 


ਧਾਮੀ ਨੇ ਪੰਜਾਬ ਸਰਕਾਰ ਨੂੰ ਇਹ ਵੀ ਕਿਹਾ ਕਿ ਕਿਉਂਕਿ ਗ੍ਰਿਫ਼ਤਾਰ ਮੁਲਜ਼ਮ ਪ੍ਰਦੀਪ ਕਲੇਰ ਡੇਰਾ ਸਿਰਸਾ ਦੇ ਸਿਆਸੀ ਵਿੰਗ ਦਾ ਆਗੂ ਸੀ, ਇਸ ਲਈ ਉਸ ਕੋਲੋਂ 2017 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਜਿਸ ਵਿੱਚ 5 ਬੱਚਿਆਂ ਸਮੇਤ 7 ਬੇਕਸੂਰ ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਡੇਰਾ ਸਿਰਸਾ ਦੀ ਸ਼ਮੂਲੀਅਤ ਸਬੰਧੀ ਕਈ ਅਹਿਮ ਸਬੂਤ ਸਾਹਮਣੇ ਆ ਚੁੱਕੇ ਹਨ।