(Source: Poll of Polls)
ਰਾਮ ਰਹੀਮ ਦੀ ਪੈਰੋਲ 'ਤੇ ਭੜਕੇ SGPC ਪ੍ਰਧਾਨ, ਕਿਹਾ- ਸਰਕਾਰਾਂ ਸ਼ਰਮ ਕਰ ਲੈਣ, ਇੱਕ ਨੂੰ ਵਾਰ-ਵਾਰ ਪੈਰੋਲ; ਬੰਦੀ ਸਿੰਘਾਂ ਲਈ ਵੀ ਬਣਾਓ ਨਿਯਮ
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਸ਼ਰਮ ਕਰਨੀ ਚਾਹੀਦੀ ਹੈ। ਜੇਕਰ ਇੱਕ ਵਿਅਕਤੀ ਦੇ ਲਈ ਨਿਯਮ ਬਣ ਸਕਦੇ ਹਨ ਤਾਂ ਜੇਲ੍ਹ ਵਿੱਚ ਬੰਦ ਬੰਦੀ ਸਿੰਘਾਂ ਲਈ ਵੀ ਨਿਯਮ ਬਣਨੇ ਚਾਹੀਦੇ ਹਨ।

Amritsar News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ, ਜਿਸ ‘ਤੇ ਉਹ ਇੱਕ ਵਾਰ ਫਿਰ ਬਾਹਰ ਆ ਗਿਆ ਹੈ ਅਤੇ ਸਿਰਸਾ ਡੇਰੇ ਵਿੱਚ ਪਹੁੰਚ ਗਿਆ ਹੈ। ਉੱਥੇ ਹੀ ਰਾਮ ਰਹੀਮ ਨੂੰ ਪੋਰੈਲ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਸ਼ਰਮ ਕਰਨੀ ਚਾਹੀਦੀ ਹੈ। ਜੇਕਰ ਇੱਕ ਵਿਅਕਤੀ ਦੇ ਲਈ ਨਿਯਮ ਬਣ ਸਕਦੇ ਹਨ ਤਾਂ ਜੇਲ੍ਹ ਵਿੱਚ ਬੰਦ ਬੰਦੀ ਸਿੰਘਾਂ ਲਈ ਵੀ ਨਿਯਮ ਬਣਨੇ ਚਾਹੀਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੀਆਂ ਨੀਤੀਆਂ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਹੋਇਆਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ 'ਤੇ ਸਵਾਲ ਚੁੱਕੇ ਹਨ। ਧਾਮੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਜਦੋਂ ਕਿ ਰਾਮ ਰਹੀਮ ਵਰਗੇ ਸਜ਼ਾਯਾਫ਼ਤਾ ਕੈਦੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਨੂੰ ਕਈ ਵਾਰ ਮਿਲੇ ਹਨ ਅਤੇ ਇਸ ਮੁੱਦੇ ਨੂੰ ਵਾਰ-ਵਾਰ ਉਠਾਉਂਦੇ ਰਹੇ ਹਨ। ਪਰ ਬੰਦੀ ਸਿੰਘ ਵਾਰ-ਵਾਰ ਉਨ੍ਹਾਂ ਨੂੰ ਸ਼ਿਕਾਇਤ ਨਾ ਕਰਨ ਲਈ ਕਹਿੰਦੇ ਹਨ। ਧਾਮੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ ਅਤੇ ਸਾਰਿਆਂ ਨੂੰ ਇਨਸਾਫ ਦਿਲਾਇਆ ਜਾਵੇ।
ਜ਼ਿਕਰ ਕਰ ਦਈਏ ਕਿ ਰਾਮ ਰਹੀਮ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆ ਗਿਆ ਹੈ। ਰਾਮ ਰਹੀਮ ਰੇਪ ਅਤੇ ਕਤਲ ਦੇ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਜਿਸ ਦੌਰਾਨ ਉਹ ਹੁਣ ਤੱਕ 14 ਵਾਰ ਪੈਰੋਲ ਜਾਂ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਚੁੱਕਿਆ ਹੈ। ਇਸ ਨੂੰ ਲੈਕੇ ਸਿੱਖ ਭਾਈਚਾਰੇ ਵਿੱਚ ਵੀ ਰੋਸ ਹੈ, ਕਿਉਂਕਿ ਜੇਲ੍ਹ ਵਿੱਚ ਬੰਦੀ ਸਿੰਘ ਆਪਣੀ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ।






















