Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮੱਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਸੀ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।
ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ-ਖੇਤਰ, ਜ਼ਿੰਮੇਵਾਰੀਆਂ ਤੇ ਸੇਵਾ-ਮੁਕਤੀ ਸੰਬੰਧੀ ਨਿਯਮਾਵਲੀ ਬਣਾਉਣ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਜਾਂਦੀ ਹੈ।
ਇਹ ਸੁਝਾਅ 20 ਅਪ੍ਰੈਲ 2025 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਦਸਤੀ ਰੂਪ ਵਿੱਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵੱਟਸਐਪ ਨੰਬਰ 77101-36200 'ਤੇ ਭੇਜੇ ਜਾਣ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :