Amritsar News: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। 


ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।


ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਕਿਹਾ ਰਾਮ ਰਹੀਮ ਨੂੰ ਪੇਰੋਲ ਮਿਲਣ ਉੱਤੇ ਖ਼ਾਲਸਾ ਪੰਥ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰੀ ਤੇ ਕਾਤਲ ਨੂੰ ਪੇਰੋਲ ਦਿੱਤੀ ਜਾ ਰਹੀ ਹੈ ਦੂਜੇ ਪਾਸੇ ਬੰਦੀ ਸਿੰਘਾਂ ਨੂੰ 30 ਸਾਲ ਤੋਂ ਜ਼ਿਆਦਾ ਸਮਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ ਜਥੇਦਾਰ ਨੇ ਕਿਹਾ ਕਿ ਸਰਕਾਰ ਵਾਰ ਵਾਰ ਪੇਰੋਲ ਦੇ ਕੇ ਸਿੱਖਾਂ ਨੂੰ ਦੇਸ਼ ਵਿੱਚ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ ਤੇ ਵਾਰ-ਵਾਰ ਸਿੱਖਾਂ ਨੂੰ ਨੀਵਾਂ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੱਖਾਂ ਨੂੰ ਵੀ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।