Punjab Police: ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਕੰਮ ਕਰ ਰਹੇ ਇੱਕ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਤੇ ਉਸਦੇ ਕਬਜ਼ੇ ਵਿੱਚੋਂ 8.08 ਕਿਲੋ ਹੈਰੋਇਨ, ਇੱਕ 30 ਬੋਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਧਰਮਿੰਦਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਹਰਸਾ ਛੀਨਾ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਸਦੀ ਹੁੰਡਈ ਕਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਿਹਾ ਸੀ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੋਸ਼ੀ ਸਰਹੱਦ ਪਾਰੋਂ ਪਾਕਿਸਤਾਨੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਜੋ ਅਜਨਾਲਾ ਸੈਕਟਰ ਵਿੱਚ ਡਰੋਨ ਦੀ ਵਰਤੋਂ ਕਰਕੇ ਹੈਰੋਇਨ ਸੁੱਟ ਰਹੇ ਸਨ। ਇਸ ਪੂਰੇ ਨੈੱਟਵਰਕ ਦੇ ਪਿੱਛੇ ਅਤੇ ਅੱਗੇ ਵਾਲੇ ਲਿੰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਨੌਰਥ ਕਮਲਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ। ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲਿਸ ਨੇ ਦੋਸ਼ੀ ਧਰਮਿੰਦਰ ਸਿੰਘ ਨੂੰ ਮੈਂਟਲ ਹਸਪਤਾਲ ਦੇ ਨੇੜੇ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਕਿਸੇ ਨੂੰ ਖੇਪ ਸੌਂਪਣ ਦੀ ਉਡੀਕ ਕਰ ਰਿਹਾ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਤਸਕਰ ਦੀ ਪਛਾਣ ਕਰ ਲਈ ਹੈ ਜਦੋਂ ਕਿ ਉਸ ਵਿਅਕਤੀ ਵਿਰੁੱਧ ਵੀ ਜਾਂਚ ਜਾਰੀ ਹੈ ਜਿਸਨੂੰ ਇਹ ਖੇਪ ਸੌਂਪੀ ਜਾਣੀ ਸੀ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੇ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੁਣ ਤੱਕ ਕਿੰਨੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਖਰੀਦੇ ਅਤੇ ਵੇਚੇ ਗਏ ਹਨ।