Amritsar News: ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੌਕੇ 'ਤੇ ਹਾਜ਼ਰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਪਾਵਨ ਸਰੂਪ ਦੀ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਸਾਹਿਬ ਅੱਗੇ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਚੇਤ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ। ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਦੁਆਰਾ ਬੇਅਦਬੀ ਦੀ ਕੋਸ਼ਿਸ਼ ਨਾਲ ਸਬੰਧਤ ਇੱਕ ਘਟਨਾ ਨੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਧਾਮੀ ਨੇ ਦੱਸਿਆ ਕਿ ਸੇਵਾਦਾਰਾਂ ਦੀ ਚੌਕਸੀ ਕਾਰਨ ਬੇਅਦਬੀ ਹੋਣ ਤੋਂ ਬਚਾਅ ਹੋ ਗਿਆ।
ਆਰੋਪੀ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ
ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਲੱਗਦੀ ਹੈ। ਧਾਮੀ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰਾਂ ਦੀ ਨਾਕਾਮੀ ਕਾਰਨ ਕਿਸੇ ਵੀ ਆਰੋਪੀ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ।
ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ : ਐਡਵੋਕੇਟ ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯਾਦ ਦਿਵਾਇਆ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਇੱਕ ਵਿਅਕਤੀ ਵੱਲੋਂ ਜੰਗਲਾ ਫਾਂਦ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਿੱਚ ਸਰਕਾਰ ਨਾਕਾਮ ਰਹੀ। ਉਨ੍ਹਾਂ ਮੁਤਾਬਕ ਇਹ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਹੈ।
ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਗੰਭੀਰ ਨਹੀਂ
ਐਡਵੋਕੇਟ ਧਾਮੀ ਨੇ ਕਿਹਾ ਕਿ ਦੋਸ਼ੀ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਸਾਹਮਣੇ ਨਾ ਲਿਆਂਦਾ ਗਿਆ ਤਾਂ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਤੱਤਾਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਸਭ ਨੂੰ ਸਾਵਧਾਨ ਰਹਿੰਦੇ ਹੋਏ ਆਪਣੀ ਸੇਵਾ ਨਿਭਾਉਣੀ ਚਾਹੀਦੀ ਹੈ।
