Sri Harmandir Sahib: ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੜ੍ਹਾਂ ਦਾ ਵੀਡੀਓ ਵਾਇਰਲ! AI ਦੀ ਵਰਤੋਂ ਨਾਲ ਕੌਣ ਕਰ ਰਿਹਾ ਸ਼ਰਾਰਤਾਂ?
ਸੋਸ਼ਲ ਮੀਡੀਆ ਉਪਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੜ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਸਿੱਖ ਸੰਗਤ ਤੇ ਸੰਸਥਵਾਂ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ...

Flood in Sri Harmandir Sahib: ਸੋਸ਼ਲ ਮੀਡੀਆ ਉਪਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੜ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਸਿੱਖ ਸੰਗਤ ਤੇ ਸੰਸਥਵਾਂ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਵੀਡੀਓ ਤੇ ਤਸਵੀਰਾਂ ਨੂੰ ਲਾਈਕ ਤੇ ਸ਼ੇਅਰ ਨਾ ਕਰਨ ਸਗੋਂ ਉਸੇ ਸੋਸ਼ਲ ਮੀਡੀਆ ’ਤੇ ਰਿਪੋਰਟ ਵਾਲੇ ਕਾਲਮ ਵਿੱਚ ਜਾ ਕੇ ਇਸ ਖਿਲਾਫ ਸ਼ਿਕਾਇਤ ਦਰਜ ਕਰਾਉਣ।
ਦਰਅਸਲ ਆਰਟੀਫਿਸ਼ੀਅਲ ਇੰਟੈਲੀਜੈਸ (AI) ਦੇ ਮਾਧਿਅਮ ਰਾਹੀਂ ਧਾਰਮਿਕ ਬੇਅਦਬੀ ਮਾਮਲਿਆਂ ਵਿੱਚ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਾ ਦਿਖਾਇਆ ਗਿਆ ਹੈ। ਪ੍ਰਬੰਧਕਾਂ ਨੇ ਇਸ ਦਾ ਸਖ਼ਤ ਨੋਟਿਸ ਲਿਆ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਧੰਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਰਬ ਸਾਂਝੀਵਾਲਤਾ ਦਾ ਕੇਂਦਰੀ ਸਥਾਨ ਹੈ ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਇੱਥੇ ਰੋਜ਼ ਦਰਸ਼ਨ ਇਸ਼ਨਾਨ ਕਰਨ ਲਈ ਆਉਂਦੀ ਹੈ ਪਰ ਪਿਛਲੇ ਕੁਝ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਇਸ ਰੂਹਾਨੀ ਅਸਥਾਨ ਨਾਲ ਛੇੜਛਾੜ ਕਰਨ ਦੀਆਂ ਤਸਵੀਰਾਂ ਤੇ ਵੀਡੀਓ ਅਪਲੋਡ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 'ਗੁਡ ਫਾਰਮਰ@ ਫਾਰਮ ਏ 17' ਨਾਂ ਦਾ ਸੋਸ਼ਲ ਮੀਡੀਆ ’ਤੇ ਇੱਕ ਪੇਜ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਿਆਂ ਦਿਖਾਇਆ ਗਿਆ ਹੈ। ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ। ਇਸ ਨਾਲ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ ਤੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
ਉਨ੍ਹਾਂ ਸਬੰਧਤ ਪੇਜ ਤੇ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਦੇ ਸਕਰੀਨ ਸ਼ਾਟ ਤੇ ਇਸ ਦੀ ਫੋਟੋ ਕਾਪੀ ਪੁਲੀਸ ਕਮਿਸ਼ਨਰ ਨੂੰ ਭੇਜੀ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਇਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸ ਪੇਜ ਨੂੰ ਤੁਰੰਤ ਹਟਾਉਣ ਲਈ ਵੀ ਕਾਰਵਾਈ ਕੀਤੀ ਜਾਵੇ। ਪੁਲਿਸ ਕਮਿਸ਼ਨਰ ਨੂੰ ਇਹ ਸ਼ਿਕਾਇਤ 13 ਅਗਸਤ ਨੂੰ ਭੇਜੀ ਗਈ। ਇਸ ਦੇ ਨਾਲ ਭੇਜੇ ਗਏ ਸਕਰੀਨ ਸ਼ਾਟ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਦੋ ਹਿੱਸਿਆਂ ਵਿੱਚ ਟੁੱਟਦੇ ਹੋਏ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਪਾਣੀ ਦੇ ਪ੍ਰਕੋਪ ਨਾਲ ਹੋ ਰਹੇ ਨੁਕਸਾਨ ਦੀਆਂ ਹੋਰ ਤਸਵੀਰਾਂ ਵੀ ਸ਼ਾਮਲ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰਬੰਧਕਾਂ ਵੱਲੋਂ ਭੇਜੀ ਗਈ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਕਰਾਈਮ ਵਿਭਾਗ ਕੋਲ ਸ਼ਿਕਾਇਤ ਭੇਜੀ ਗਈ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਅਜਿਹੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਕਰਨ ਦਾ ਵੀ ਯਤਨ ਕੀਤਾ ਜਾ ਰਿਹਾ। ਇਸ ਤੋਂ ਪਹਿਲਾਂ ਸ਼੍ਰੀ ਹਰਿੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸੀ।






















