ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 


ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਰ ਕਰੇ।


 ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਜਿਥੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਉਥੇ ਹੀ ਇਹ ਪੰਜਾਬ ਦੇ ਮਾਹੌਲ ਵਿਚ ਵੀ ਕੁੜੱਤਣ ਪੈਦਾ ਕਰਦੀਆਂ ਹਨ। 


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਵਾਲੇ ਸਿੱਖਾਂ ਦੀ ਵੀ ਸ਼ਲਾਘਾ ਕੀਤੀ ਅਤੇ ਇਹ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਉਨ੍ਹਾਂ ਨਾਲ ਹਰ ਪੱਧਰ ’ਤੇ ਖੜ੍ਹੀ ਹੈ। 


ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਆਖਿਆ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅਗਾਂਹ ਤੋਂ ਕੋਈ ਵੀ ਅਜਿਹੀ ਘਟੀਆ ਹਰਕਤ ਕਰਨ ਦੀ ਹਿੰਮਤ ਨਾ ਕਰੇ।