ਅਸ਼ਰਫ ਢੁੱਡੀ ਦੀ ਰਿਪੋਰਟ 

 

Sudhir Suri Murder Case : ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੇ ਅੱਜ ਪੋਸਟਮਾਰਟਮ ਕਰਵਾਇਆ। ਪਰਿਵਾਰ ਨੇ ਤਿੰਨ ਮੰਗਾਂ ਰੱਖੀਆਂ ਹਨ, ਪਹਿਲੀ ਮੰਗ ਹੈ ਕਿ ਇਸ ਕਤਲ ਕੇਸ ਦੀ ਜਾਂਚ ਸੀਬੀਆਈ ਜਾਂ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ, ਦੂਜੀ ਪੁਲਿਸ  ਅਧਿਕਾਰੀਆਂ ਖ਼ਿਲਾਫ਼ 307 ਤਹਿਤ ਕੇਸ ਦਰਜ ਕੀਤਾ ਜਾਵੇ, ਤੀਜੀ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰ ਨੇ ਇੱਕ ਹੋਰ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਦਾ ਨਾਮ ਐਫਆਈਆਰ ਵਿੱਚ ਦਰਜ ਕੀਤਾ ਜਾਵੇ।


ਸੁਧੀਰ ਸੂਰੀ ਦਾ ਅੱਜ ਸਵੇਰੇ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਵਿੱਚ ਪੋਸਟਮਾਰਟਮ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਸ ਦੇ ਘਰ ਲਿਜਾਇਆ ਗਿਆ। ਹਿੰਦੂ ਸੰਗਠਨਾਂ ਦੇ ਲੋਕ ਘਰ-ਘਰ ਪਹੁੰਚਣ ਲੱਗੇ। ਇਸ ਦੇ ਨਾਲ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਪਰਿਵਾਰ ਅੰਤਿਮ ਸਸਕਾਰ ਨਾ ਕਰਨ 'ਤੇ ਅੜਿਆ ਰਿਹਾ। ਪਰਿਵਾਰ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਅਸੀਂ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਾਂਗੇ।


ਇਹ ਵੀ ਪੜ੍ਹੋ : Sudhir Suri Murder Case : ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਨਜ਼ਰਬੰਦ

ਹਿੰਦੂ ਜਥੇਬੰਦੀਆਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਦੇ ਜਲੰਧਰ, ਗੁਰਦਾਸਪੁਰ, ਬਰਨਾਲਾ, ਪਟਿਆਲਾ, ਲੁਧਿਆਣਾ ਵਿੱਚ ਬੰਦ ਦਾ ਮਿਸ਼ਰਤ ਪ੍ਰਭਾਵ ਦੇਖਣ ਨੂੰ ਮਿਲਿਆ। ਅੰਮ੍ਰਿਤਸਰ ਦੀਆਂ ਤਸਵੀਰਾਂ ਤੁਹਾਨੂੰ ਦੱਸਦੀਆਂ ਹਨ ਕਿ ਕਿਵੇਂ ਹਿੰਦੂ ਸੰਗਠਨਾਂ ਨਾਲ ਜੁੜੇ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਬਾਜ਼ਾਰਾਂ 'ਚ ਦੁਕਾਨਾਂ ਬੰਦ ਕਰਵਾਈਆਂ, ਕਈ ਨੌਜਵਾਨ ਮੋਟਰਸਾਈਕਲਾਂ 'ਤੇ ਟੋਲੀਆਂ ਬਣਾ ਕੇ ਸੜਕਾਂ 'ਤੇ ਘੁੰਮਦੇ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਦੇਖੇ ਗਏ। ਨੌਜ਼ਵਾਨਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਸਨ।

ਜਦੋਂ ਪੁਲਿਸ ਅਤੇ ਪ੍ਰਸ਼ਾਸਨ ਨਾਲ ਗੱਲਬਾਤ ਨਾ ਬਣੀ ਤਾਂ ਪਰਿਵਾਰ ਅਤੇ ਸਮਰਥਕਾਂ ਨੇ ਅੰਮ੍ਰਿਤਸਰ ਦੇ ਸ਼ਿਵਾਲਾ ਰੋਡ 'ਤੇ ਰੇਲਵੇ ਲਾਈਨ 'ਤੇ ਧਰਨਾ ਦੇ ਦਿੱਤਾ। ਕਾਫੀ ਦੇਰ ਤੱਕ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਲਿਸ ਨੇ ਸਾਰੇ ਸਮਰਥਕਾਂ ਨੂੰ ਰੇਲਵੇ ਲਾਈਨ ਤੋਂ ਹਟਣ ਲਈ ਕਿਹਾ। ਰੇਲਵੇ ਲਾਈਨ 'ਤੇ ਕਰੀਬ ਇਕ ਘੰਟੇ ਤੱਕ ਪ੍ਰਦਰਸ਼ਨ ਜਾਰੀ ਰਿਹਾ।


 

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪ੍ਰਦਰਸ਼ਨ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮਜੀਠੀ ਰੋਡ ਉੱਪਰ ਇਹ ਘਟਨਾ ਵਾਪਰੀ ਹੈ।