(Source: ECI/ABP News/ABP Majha)
Aam Aadmi Mohalla Clinics : ਤਰਨ ਤਾਰਨ ਨੂੰ ਮਿਲੇ 4 ਨਵੇਂ ਆਮ ਆਦਮੀ ਮੁਹੱਲਾ ਕਲੀਨਿਕ, ਮੰਤਰੀ ਲਾਲਜੀਤ ਭੁੱਲਰ ਦਾ ਆਇਆ ਵੱਡਾ ਬਿਆਨ
Tarn Taran ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ...
ਤਰਨ ਤਾਰਨ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ 04 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਜ਼ਿਲ੍ਹੇ ਦੇ ਪਿੰਡ ਰੱਤਾ ਗੁੱਦਾ, ਬੋਪਾਰਾਏ, ਪੰਜਵੜ ਅਤੇ ਲਾਲਪੁਰਾ ਵਿਖੇ 04 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੁੱਲ 18 ਆਮ ਆਦਮੀ ਕਲੀਨਿਕ ਲੋਕਾਂ ਲਈ ਮੁਫ਼ਤ ਲੈਬ ਟੈਸਟ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ।
ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਰਨ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਪਿੰਡ ਰੱਤਾ ਗੁੱਦਾ ਅਤੇ ਬੋਪਾਰਾਏ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।
ਇਸ ਤੋਂ ਇਲਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਪਿੰਡ ਪੰਜਵੜ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ ਤੇ ਹਲਕਾ ਵਿਧਾਇਕ ਖਡੂਰ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਪਿੰਡ ਲਾਲਪੁਰਾ ਵਿਖੇ ਨਵੇਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਤਰਨ ਤਾਰਨ ਵਾਸੀਆਂ ਨੂੰ ਸਮਰਪਿਤ ਕੀਤੇ ਗਏ।
ਪਿੰਡ ਰੱਤਾ ਗੁੱਦਾ ਅਤੇ ਬੋਪਾਰਾਏ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ।ਉਹਨਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੱਗਭੱਗ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਲਾਲਜੀਤ ਸਿੰਘ ਭੁੱਲਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇੱਕ ਸਾਲ ਤੋਂ ਚੱਲ ਰਹੇ 583 ਆਮ ਆਦਮੀ ਕਲੀਨਿਕਾਂ, ਜਿਨ੍ਹਾਂ ’ਚੋਂ 180 ਸ਼ਹਿਰੀ ਅਤੇ 403 ਪੇਂਡੂ ਖੇਤਰਾਂ ਵਿਚ ਸਥਾਪਿਤ ਹਨ, ਰਾਹੀਂ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 76 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਾ ਸਿਹਤ ਸੁਧਾਰਾਂ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ ਜਿਸਦਾ ਆਮ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ।
ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ’ਚ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 01 ਲੱਖ 12 ਹਜ਼ਾਰ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਅਤੇ 29 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕਰਵਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੂਟੀਨ ਦੇ ਚੈੱਕਅੱਪ ਤੋਂ ਇਲਾਵਾ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਟੈਸਟ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ।