Amritsar News: ਸੋਮਵਾਰ ਨੂੰ ਮੋਰਿੰਡਾ ਤੇ ਫ਼ਰੀਦਕੋਟ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਪੰਜਾਬ ਦਾ ਮਾਹੌਲ ਮੁੜ ਗਰਮਾ ਗਿਆ ਹੈ। ਇਨ੍ਹਾਂ ਘਟਨਾਵਾਂ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਹੀ ਜਾ ਰਹੀ ਹੈ। ਇਸ ਲਈ ਲੋੜ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਤਾਕਤਾਂ ਨੂੰ ਬੇਪਰਦ ਕੀਤਾ ਜਾਵੇ।
ਪ੍ਰੈੱਸ ਬਿਆਨ ਜਾਰੀ ਕਰਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਗੁਟਕੇ ਦੇ ਅੰਗ ਖਿਲਾਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਰਿੰਡਾ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ। ਇਸ ਦੇ ਨਾਲ ਹੀ ਬੀਤੀ ਰਾਤ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਦੋ ਗ਼ੈਰਸਿੱਖ ਵਿਅਕਤੀ ਕਾਬੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਹੀ ਜਾ ਰਹੀ ਹੈ। ਇਸ ਲਈ ਲੋੜ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਤਾਕਤਾਂ ਨੂੰ ਬੇਪਰਦ ਕੀਤਾ ਜਾਵੇ।
ਉਧਰ, ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਢਿੱਲੀ ਕਾਰਵਾਈ ਕਰਕੇ ਇਹ ਘਟਨਾਵਾਂ ਮੁੜ ਵਾਪਰਦੀਆਂ ਹਨ। ਜੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਅਜਿਹੇ ਅਪਰਾਧ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਮੋਰਿੰਡਾ ਦੀ ਘਟਨਾ ਬੇਹੱਦ ਮੰਦਭਾਗੀ ਹੈ ਤੇ ਇਸ ਨੂੰ ਅੰਜਾਮ ਦੇਣ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ।