Amritsar News : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਰਸਤੇ ਅਤੇ ਗਲਿਆਰੇ ਵਿਚ ਹੋਏ ਲੜੀਵਾਰ ਧਮਾਕਿਆਂ ਪਿਛਲੇ ਸੱਚ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਥਾਂ ਸਰਕਾਰ ਤੇ ਏਜੰਸੀਆਂ ਇਸ ’ਤੇ ਪਰਦਾਪੋਸ਼ੀ ਕਰ ਰਹੀਆਂ ਹਨ। ਇਹ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਇਕ ਬਿਆਨ ਰਾਹੀਂ ਕੀਤਾ ਹੈ।

 

 ਉਨ੍ਹਾਂ ਕਿਹਾ ਕਿ ਇਹ ਘਿਨੌਣੀ ਕਾਰਵਾਈ ਤੈਅਸ਼ੁਦਾ ਨੀਤੀ ਨਾਲ ਘੜੀ ਗਹਿਰੀ ਸਾਜ਼ਸ਼ ਹੈ, ਜਿਸ ਦੇ ਸੱਚ ਨੂੰ ਲੋਕਾਂ ਸਾਹਮਣੇ ਲਿਆਉਣਾ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ। ਭਾਈ ਮਹਿਤਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰ ਇਸ ਸਾਜ਼ਿਸ਼ ਨੂੰ ਸਾਹਮਣੇ ਲਿਆਉਣ ਦੀ ਥਾਂ ਕਹਾਣੀਆਂ ਬਣਾ ਕੇ ਇਸ ’ਤੇ ਪਰਦਾਪੋਸ਼ੀ ਕਰ ਰਹੀ ਹੈ। 

 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਈ ਥਾਵਾਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਸਰਕਾਰ ਨੇ ਇਨ੍ਹਾਂ ਘਟਨਾਵਾਂ ਪਿਛਲੇ ਦੋਸ਼ੀਆਂ ਤੱਕ ਪਹੁੰਚ ਤੋਂ ਦੂਰੀ ਬਣਾਈ ਰੱਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰਾਸਤੀ ਮਾਰਗ ’ਤੇ ਵਾਪਰੀਆਂ ਘਟਨਾਵਾਂ ਦੀ ਸੰਜੀਦਗੀ ਨਾਲ ਜਾਂਚ ਕੀਤੀ ਹੁੰਦੀ ਤਾਂ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਗਲਿਆਰੇ ਵਾਲੀ ਘਟਨਾ ਨਾ ਵਾਪਰਦੀ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸ਼ਾਬਾਜ਼ ਦਿੱਤੀ, ਜਿਨ੍ਹਾਂ ਬੜੀ ਮੁਸ਼ਤੈਦੀ ਤੇ ਸੂਝ ਸਿਆਣਪ ਨਾਲ ਆਪਣੇ ਫ਼ਰਜ਼ਾਂ ਨੂੰ ਨਿਭਾਉਂਦਿਆਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ।

 
ਭਾਈ ਮਹਿਤਾ ਨੇ ਮੀਡੀਆ ਦੇ ਕੁਝ ਹਿੱਸੇ ਵੱਲੋਂ ਇਸ ਘਟਨਾ ਨੂੰ ਗਲਤ ਰੰਗਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਚਾਰਿਆ ਗਿਆ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਸਰਕਾਰ ਵੱਲੋਂ ਲਗਾਈ ਗਈ ਐਨਐਸਏ ’ਤੇ ਆਪਣੀ ਨਰਾਜ਼ਗੀ ਦਾ ਪ੍ਰਗਟਾਵਾ ਕਰਨ ਲਈ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

 

ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਐਨਐਸਏ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਨਹੀਂ ਲਗਾਈ ਗਈ, ਜਿਸ ਦਾ ਰੋਸ ਵਿਰਾਸਤੀ ਮਾਰਗ ਤੇ ਗਲਿਆਰੇ ਵਿਚ ਧਮਾਕਾ ਕਰਕੇ ਕੀਤਾ ਜਾਣਾ ਸੀ। ਉਨ੍ਹਾਂ ਪੰਥ ਵਿਰੋਧੀ ਅਜਿਹੀਆਂ ਤਾਕਤਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਅਜਿਹੇ ਘਿਨੌਣੇ ਮਨਸੂਬਿਆਂ ਤੋਂ ਬਾਜ਼ ਆਉਣ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਠੀਕ ਨਹੀਂ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।