SGPC March: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸ਼ੁਰੂ ਹੋਏ ਰੋਸ ਮਾਰਚ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏਗੀ ਸਮਾਪਤੀ
ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਦੋ ਤਖ਼ਤ ਸਾਹਿਬਾਨ ਤੇ ਹਰਿਆਣਾ ਦੇ ਅੰਬਾਲਾ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਿਹਾ ਹੈ।
SGPC March: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਨੂੰ ਸੁਪਰੀਮ ਕੋਰਟ ਤੋਂ ਮਾਨਤਾ ਮਿਲਣ ਮਗਰੋਂ ਸਿੱਖ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਦੋ ਤਖ਼ਤ ਸਾਹਿਬਾਨ ਤੇ ਹਰਿਆਣਾ ਦੇ ਅੰਬਾਲਾ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਲਵੰਡੀ ਸਾਬੋ ਬਠਿੰਡਾ ਵਿਖੇ ਸ੍ਰੀ ਦਮਦਮਾ ਸਾਹਿਬ ਤੇ ਹਰਿਆਣਾ ਦੇ ਅੰਬਾਲਾ ਸਥਿਤ ਸ੍ਰੀ ਮੰਜੀ ਸਾਹਿਬ ਤੋਂ ਸ਼ੁਰੂ ਹੋਇਆ ਮਾਰਚ ਸੜਕੀ ਰਸਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਪਿਛਲੇ ਦਿਨੀਂ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਸਬੰਧੀ ਸੰਗਤਾਂ ਨੂੰ ਸੁਚੇਤ ਕਰਨ ਲਈ 7 ਅਕਤੂਬਰ 2022 ਨੂੰ ਪੰਥਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪੰਥਕ ਰੋਸ ਮਾਰਚ ਅਯੋਜਤ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦੀ ਜਨਰਲ ਇਕੱਤਰਤਾ ਹੋਈ ਸੀ, ਜਿਸ ਵਿਚ ਕੀਤੇ ਗਏ ਫੈਸਲੇ ਅਨੁਸਾਰ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕਿਆਂ ਤੋਂ ਸੰਗਤ ਨੂੰ ਸੁਚੇਤ ਕਰਵਾਉਣ ਲਈ ਇਹ ਪੰਥਕ ਰੋਸ ਮਾਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਰੋਸ ਮਾਰਚਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ।