Amritsar News: ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ 'ਚ ਜੁਟੀ ਸ਼੍ਰੋਮਣੀ ਕਮੇਟੀ, ਰਿਹਾਇਸ਼ ਤੇ ਲੰਗਰ ਦੇ ਨਾਲ ਹੀ ਡਾਕਟਰੀ ਸਹਾਇਤਾ ਦੇਣ ਦਾ ਐਲਾਨ
Amritsar News: ਹੜ੍ਹ ਪ੍ਰਭਾਵਿਤ ਲੋਕਾਂ ਲਈ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਇਲਾਕਿਆਂ
Amritsar News: ਹੜ੍ਹ ਪ੍ਰਭਾਵਿਤ ਲੋਕਾਂ ਲਈ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਇਲਾਕਿਆਂ ਲਈ ਤਿੰਨ ਐਂਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਸਥਾ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਮੈਡੀਕਲ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੀਆਂ ਹਨ।
ਇਸ ਮੌਕੇ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਭਰਨ ਕਰ ਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿੱਚ ਹਨ। ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਵਿੱਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਵਿਸ਼ੇਸ਼ ਪ੍ਰਬੰਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜਦੋਂ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੀ ਲੋੜ ਹੋਵੇਗੀ, ਉਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਦਾ ਸਹਿਯੋਗ ਕਰਨ। ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤ ਆਦਿ ਮੌਜੂਦ ਸਨ।