Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।
ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ।
ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।