SGPC Budget: SGPC ਦੇ ਬਜਟ ਦੌਰਾਨ ਹੰਗਾਮਾ, ਵਿਰੋਧੀ ਧਿਰ ਵੱਲੋਂ ਵਾਕਆਊਟ, ਬਾਹਰ ਆ ਕੇ ਦਿੱਤਾ ਧਰਨਾ, ਖ਼ੁਦ ਵਿਸ਼ੇਸ਼ ਇਜਲਾਸ ਸੱਦਣ ਦੀ ਦਿੱਤੀ ਚੇਤਾਵਨੀ
ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਅੱਜ ਇਜਲਾਸ ਦੌਰਾਨ ਉਹਨਾਂ ਦੀ ਗੱਲ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਇਸ ਸਬੰਧੀ ਵਿਸ਼ੇਸ਼ ਇਜਲਾਸ ਨਾ ਸੱਦਿਆ ਗਿਆ ਤਾਂ ਉਹ ਆਪਣੇ ਤੌਰ ’ਤੇ ਵਿਸ਼ੇਸ਼ ਇਜਲਾਸ ਸੱਦਣਗੇ।
SGPC Budget: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਬਜਟ ਸੈਸ਼ਨ ਅੱਜ ਦੁਪਹਿਰ ਅੰਮ੍ਰਿਤਸਰ ਵਿੱਚ ਸ਼ੁਰੂ ਹੋਇਆ ਜਿਸ ਵਿੱਚ 1386.47 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ। ਇਸ ਦੌਰਾਨ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਨਿਹੰਗ ਜਥਿਆਂ ਨੇ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਵੱਲੋਂ ਵਾਕਆਊਟ ਕਰਕੇ ਬਾਹਰ ਆ ਕੇ ਧਰਨਾ ਦਿੱਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ।
ਅਮਿਤ ਸ਼ਾਹ ਦੇ ਬਿਆਨ ਦੀ ਸਖ਼ਤ ਨਿਖੇਧੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਠ ਕਰਨਾ ਸਿੱਖ ਧਰਮ ਦਾ ਅਟੁੱਟ ਅੰਗ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਯਾਦ ਕਰਵਾਇਆ ਕਿ ਗੁਰਬਾਣੀ ਪੜ੍ਹਨ ਵਾਲੇ ਸਿੱਖਾਂ ਨੇ ਹੀ ਦੇਸ਼ ਨੂੰ ਆਜ਼ਾਦੀ ਦਵਾਈ ਹੈ। ਇਸ ਮੌਕੇ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਤੇ ਖ਼ਾਸ ਕਰਕੇ ਅਮਿਤ ਸ਼ਾਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਤੇ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ।
ਹਿਮਾਚਲ ਵਿੱਚ ਹੋਏ ਹਮਲਿਆਂ ਦੀ ਨਿਖੇਧੀ
ਇਸ ਮੌਕੇ ਧਾਮੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨੂੰ ਤੰਗ ਕਰਨਾ ਤੇ ਉਨ੍ਹਾਂ ਦੇ ਨਾਇਕਾਂ ਦੇ ਝੰਡੇ ਪਾੜਨਾ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਹਰ ਕਿਸੇ ਵਿਅਕਤੀ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਪ੍ਰਤੀ ਹੋ ਰਹੀਆਂ ਅਜਿਹੀਆਂ ਕਾਰਵਾਈਆਂ ਦੇ ਖ਼ਿਲਾਫ਼ ਪੁਲਿਸ ਤੇ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵੀ ਅਜਿਹੇ ਮਾਮਲੇ ਵਿੱਚ ਚੁੱਪ ਰਹਿਣਾ ਪੰਜਾਬ ਦੇ ਲੋਕਾਂ ਦੇ ਖ਼ਿਲਾਫ਼ ਭੁਗਤਣ ਵਾਲੀ ਗੱਲ ਹੈ। ਧਾਮੀ ਨੇ ਕਿਹਾ ਕਿ ਅਜਿਹੇ ਫਿਰਕੂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਤਖ਼ਤਾਂ ਦੇ ਜਥੇਦਾਰਾਂ ਬਾਰੇ ਵੱਡਾ ਫ਼ੈਸਲਾ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅਕਾਲੀ ਦਲ ਦੀ ਵਿਰੋਧੀ ਧਿਰ ਵੱਲੋਂ ਵਾਕਆਊਟ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਵਿੱਚ ਆਪਣੀ ਕੋਈ ਸੁਣਵਾਈ ਨਾ ਹੋਣ ’ਤੇ ਇਜਲਾਸ ਵਿਚੋਂ ਵਾਕਆਊਟ ਕਰ ਦਿੱਤਾ। ਉਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਆ ਕੇ ਧਰਨਾ ਦਿੱਤਾ ਹੈ। ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਭੌਰ, ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਤੇ ਹੋਰ ਸ਼ਾਮਿਲ ਹਨ। ਉਹਨਾਂ ਆਖਿਆ ਕਿ ਉਹ ਬਜਟ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਦੇ ਸਬੰਧ ਵਿੱਚ ਮਤਾ ਪੇਸ਼ ਕਰਨਾ ਚਾਹੁੰਦੇ ਸਨ, ਪਰ ਉਹਨਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
ਵਿਸ਼ੇਸ਼ ਇਜਲਾਸ ਸੱਦਣ ਦੀ ਚੇਤਾਵਨੀ
ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਅੱਜ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਸਬੰਧੀ ਮਤਾ ਨਹੀਂ ਲਿਆਂਦਾ ਗਿਆ, ਜਦੋਂ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਏਜੰਡੇ ਵਿੱਚ ਜਥੇਦਾਰਾਂ ਦੀ ਬਹਾਲੀ ਦਾ ਮਤਾ ਰੱਖਿਆ ਜਾਵੇ। ਉਹਨਾਂ ਦੋਸ਼ ਲਾਇਆ ਕਿ ਅੱਜ ਇਜਲਾਸ ਦੌਰਾਨ ਉਹਨਾਂ ਦੀ ਗੱਲ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਇਸ ਸਬੰਧੀ ਵਿਸ਼ੇਸ਼ ਇਜਲਾਸ ਨਾ ਸੱਦਿਆ ਗਿਆ ਤਾਂ ਉਹ ਆਪਣੇ ਤੌਰ ’ਤੇ ਵਿਸ਼ੇਸ਼ ਇਜਲਾਸ ਸੱਦਣਗੇ।
ਜ਼ਿਕਰ ਕਰ ਦਈਏ ਕਿ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਨਿਹੰਗ ਜਥਿਆਂ ਨੇ ਸ਼੍ਰੋਮਣੀ ਕਮੇਟੀ ਦਫਤਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਨਾਮ ਸਿੰਘ ਧੁੰਮਾ ਤੋਂ ਇਲਾਵਾ, ਦਿੱਲੀ ਗੁਰਦੁਆਰਾ ਪ੍ਰਬੰਧਨ ਕਮੇਟੀ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਨ ਕਮੇਟੀ ਵੀ ਇਸਦਾ ਹਿੱਸਾ ਸਨ। ਦਮਦਮੀ ਟਕਸਾਲ ਦਾ ਇਹ ਵਿਰੋਧ ਪ੍ਰਦਰਸ਼ਨ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਦੇ ਜਥੇਦਾਰਾਂ ਦੀ ਨਿਯੁਕਤੀ ਤੇ ਹਟਾਉਣ ਸੰਬੰਧੀ ਹਾਲ ਹੀ ਵਿੱਚ ਲਏ ਗਏ ਫੈਸਲੇ ਵਿਰੁੱਧ ਕੀਤਾ ਜਾ ਰਿਹਾ ਸੀ।
ਟਕਸਾਲ ਨੇ SGPC ਤੋਂ ਆਪਣਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਬਾਬਾ ਹਰਨਾਮ ਸਿੰਘ ਧੁੰਮਾ ਨੇ ਇਸ ਸਬੰਧੀ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ SGPC ਨੇ ਜਥੇਦਾਰਾਂ ਦੀ ਨਿਯੁਕਤੀ ਤੇ ਹਟਾਉਣ ਦਾ ਫੈਸਲਾ ਕੀਤਾ ਹੈ, ਉਹ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਦੇ ਵਿਰੁੱਧ ਹੈ। ਸ਼੍ਰੋਮਣੀ ਕਮੇਟੀ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਸਿੱਖ ਸੰਗਤ ਦੀ ਰਾਏ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਦਮਦਮੀ ਟਕਸਾਲ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ, ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਤੇ ਸ਼੍ਰੋਮਣੀ ਕਮੇਟੀ ਦੀ ਆਪਣੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ।






















