Vande Bharat train : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਚਲਾ ਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਨੂੰ ਤੋਹਫ਼ੇ ਦੇਣ ਲਈ ਧੰਨਵਾਦ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਅਤੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਕਦਮ ਨਾਲ ਉੱਤਰੀ ਭਾਰਤ ਦੇ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਅਤੇ ਸੈਰ ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ। 


ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਰਫ਼ਤਾਰ ’ਚ ਤੇਜ਼ੀ ਫੜੀ ਹੈ। ਦੇਸ਼ ਅਤੀਤ ਦੀਆਂ ਚੁਣੌਤੀਆਂ ਨੂੰ ਸਫਲਤਾਪੂਰਵਕ ਪਾਰ ਕਰਦੇ ਹੋਏ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੁਆਰਾ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਉੱਚ ਪੱਧਰ 'ਤੇ ਵਿਕਸਤ ਕਰਕੇ ਤਿਆਰ ਕੀਤੀ ਆਧੁਨਿਕ ਆਵਾਜਾਈ ਪ੍ਰਣਾਲੀ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਲੋਕਾਂ ਦੀ ਯਾਤਰਾ ਨੂੰ ਆਸਾਨ ਬਣਾਵੇਗੀ। ਆਧੁਨਿਕ ਸੁਰੱਖਿਆ ਵਿਸ਼ੇਸ਼ਤਾਵਾਂ ਅਤੇ ਸੁਪਰ-ਫਾਸਟ ਸੇਵਾਵਾਂ ਦੇ ਨਾਲ ਇੱਕ ਅਰਧ-ਹਾਈ ਸਪੀਡ ਆਰਾਮਦਾਇਕ ਵੰਦੇ ਭਾਰਤ ਟਰੇਨ ਪਹਿਲਾਂ ਹੀ ਦਿੱਲੀ ਅਤੇ ਸ਼੍ਰੀ ਵੈਸ਼ਨੋ ਦੇਵੀ ਮਾਤਾ, ਕਟੜਾ ਦੇ ਵਿਚਕਾਰ ਸ਼ੁਰੂ ਕੀਤੀ ਜਾ ਚੁੱਕੀ ਹੈ।

 

ਹੁਣ ਦਿੱਲੀ ਅਤੇ ਊਨਾ ਵਿਚਕਾਰ ਚੱਲਣ ਨਾਲ ਹਿਮਾਚਲ ਦੇ ਮਾਤਾ ਜਵਾਲਾਜੀ ਅਤੇ ਮਾਤਾ ਚਿੰਤਪੁਰਨੀ ਦੇ ਸ਼ਰਧਾਲੂਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ ਅਤੇ ਕਰ ਰਹੇ ਹਨ। ਉਨ੍ਹਾਂ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਾਂ ਦੇ ਵੱਡੇ ਧਾਰਮਿਕ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਰੁਕੇਗੀ, ਜਿਸ ਨਾਲ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਸਿੱਧਾ ਗੁਰੂ ਨਗਰੀ ਪਹੁੰਚ ਸਕਣਗੀਆਂ ਅਤੇ ਨਾਲ ਹੀ ਇਸ ਰੇਲ ਗੱਡੀ ਨਾਲ ਵਪਾਰੀ ਵਰਗ ਤੇ ਸੈਲਾਨੀਆਂ ਨੂੰ ਵੀ ਵੱਡਾ ਲਾਭ ਮਿਲੇਗਾ। ਇਸ ਅਹਿਮ ਉਪਰਾਲੇ ਲਈ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਸ਼ਲਾਘਾ ਕੀਤੀ।

 

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਵੰਦੇ ਭਾਰਤ ਰੇਲਗੱਡੀ ਦੀ ਯਾਤਰਾ ਦਾ ਘੇਰਾ ਸਿੱਖਾਂ ਦੇ ਪੰਜ ਤਖ਼ਤਾਂ ਸ੍ਰੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦੇਸ਼ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।ਜਿਸ ਨਾਲ ਦੇਸ਼ ਵਿਰੋਧੀ ਤਾਕਤਾਂ ਨੂੰ ਹਰਾਉਣ ਵਿੱਚ ਮਦਦ ਮਿਲੇਗੀ। ਪ੍ਰੋ: ਸਰਚਾਂਦ ਸਿੰਘ ਅਤੇ ਕੁਲਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਦੇ ਸਰੋਕਾਰਾਂ ਪ੍ਰਤੀ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਦੇ ਹਿੱਤਾਂ ਲਈ ਕਈ ਕੰਮ ਕਰਕੇ ਭਾਜਪਾ ਪ੍ਰਤੀ ਸਿੱਖਾਂ ਦਾ ਡਰ ਦੂਰ ਕੀਤਾ ਹੈ।

ਉਹ ਸਿੱਖੀ ਅਤੇ ਸਿੱਖਾਂ ਦਾ ਪ੍ਰੇਮੀ ਹੈ ਅਤੇ ਸਿੱਖ ਮਸਲਿਆਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿੰਦੇ ਹਨ। 

 

ਉਨ੍ਹਾਂ ਨੇ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਸ: ਭਗਤ ਸਿੰਘ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਈ ਵੀਰ ਬਾਲ ਦਿਵਸ, ਕਰਤਾਰਪੁਰ ਲਾਂਘੇ ਦੀ ਉਸਾਰੀ, ਲਾਲ ਕਿਲ੍ਹੇ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 400ਵੀਂ ਜਨਮ ਸ਼ਤਾਬਦੀ, ਸ੍ਰੀ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਦੀ 350ਵੀਂ ਜਨਮ ਸ਼ਤਾਬਦੀ ਅਤੇ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਉਸ ਮੌਕੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਪੰਜਾਬ ਵਿੱਚ ਸਿੱਖ ਪਹਿਰਾਵਾ ਅਪਣਾਉਂਦੇ ਹੋਏ ਸਿੱਖ ਧਰਮ ਬਾਰੇ ਜੋ ਗਿਆਨ ਹਾਸਲ ਕੀਤਾ ਸੀ, ਉਸ ਤੋਂ ਮੋਦੀ ਦੀ ਸਿੱਖ ਪੱਖੀ ਸੋਚ ਉਨ੍ਹਾਂ ਦੇ ਫ਼ੈਸਲਿਆਂ ਵਿੱਚ ਸਾਫ਼ ਨਜ਼ਰ ਆ ਰਹੀ ਹੈ।