Amritsar News: ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਏ ਜਾਣ ਦੇ ਦਾਅਵੇ ਦਾ ਵਿਵਾਦ ਅਜੇ ਠੰਡਾ ਨਹੀਂ ਹੋਇਆ ਸੀ ਹੁਣ ਭਾਰਤੀ ਫੌਜ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਵਾਈ ਰੱਖਿਆ ਤੋਪਾਂ ਤਾਇਨਾਤ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਇਹ ਮਾਮਲਾ ਹੋਰ ਭਖ ਗਿਆ ਹੈ। ਹੁਣ ਇਸ ਮਾਮਲੇ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਵੀ ਬਿਆਨ ਸਾਹਮਣੇ ਆਇਆ ਹੈ।

Continues below advertisement


ਦਰਅਸਲ, ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਇੰਡੀਅਨ ਏਅਰ ਡਿਫੈਂਸ ਦੇ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਡੀ'ਕੁੰਹਾ ਨੇ ਖੁਲਾਸਾ ਕੀਤਾ ਕਿ ਇਸ ਆਪ੍ਰੇਸ਼ਨ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਭਾਰਤੀ ਫੌਜ ਨੂੰ ਪਵਿੱਤਰ ਸਥਾਨ ਦੇ ਅੰਦਰ ਹਵਾਈ ਰੱਖਿਆ ਤੋਪਾਂ ਤਾਇਨਾਤ ਕਰਨ ਦੀ ਇਜਾਜ਼ਤ ਦਿੱਤੀ ਸੀ ਤੇ ਉਨ੍ਹਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਸੀ।



ਇਸ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਰੱਦ ਕਰ ਦਿੱਤਾ ਹੈ। ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਹ ਲੜਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਦੇਸ਼ ਦੌਰੇ 'ਤੇ ਗਿਆ ਸੀ ਅਤੇ ਲੜਾਈ ਖਤਮ ਹੋਣ ਤੋਂ ਬਾਅਦ ਵਾਪਸ ਆਇਆ। ਉਸ ਨਾਲ ਕੋਈ ਸੰਪਰਕ ਨਹੀਂ ਹੋਇਆ। ਫੌਜ ਅਜਿਹੇ ਦਾਅਵੇ ਕਰ ਰਹੀ ਹੈ। ਇਸਦੀ ਜਾਂਚ ਹੋਣੀ ਚਾਹੀਦੀ ਹੈ।


ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਧੀਕ ਹੈੱਡ ਗ੍ਰੰਥੀ ਅਮਰਜੀਤ ਸਿੰਘ ਨੇ ਵੀ ਲੈਫਟੀਨੈਂਟ ਜਨਰਲ ਦੇ ਬਿਆਨ ਨੂੰ ਸ਼ਰਮਨਾਕ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਸੀ, ਨਾ ਹੀ ਕੋਈ ਫੌਜੀ ਅਧਿਕਾਰੀ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਨੇ ਇਸ ਝੂਠੇ ਬਿਆਨ 'ਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।


ਇਸ ਦੇ ਨਾਲ ਹੀ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੇ ਦੋਸ਼ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਇੱਕ ਲਿਖਤੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਫੌਜ ਵੱਲੋਂ ਕੀਤੇ ਗਏ ਦਾਅਵੇ ਸਹੀ ਨਹੀਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਪਾਕਿਸਤਾਨੀ ਫੌਜ ਵੱਲੋਂ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਫੌਜ ਭਾਵੇਂ ਪਾਕਿਸਤਾਨ ਦੀ ਹੋਵੇ ਜਾਂ ਭਾਰਤ ਦੀ, ਕੋਈ ਵੀ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਬਾਰੇ ਸੋਚ ਵੀ ਨਹੀਂ ਸਕਦਾ।



ਪਾਕਿਸਤਾਨ ਨੇ ਕੀ ਕਿਹਾ


ਭਾਰਤੀ ਫੌਜ ਦੇ ਦਾਅਵੇ ਗਲਤ ਹਨ: ਭਾਰਤੀ ਫੌਜ ਦੇ ਦਾਅਵਿਆਂ 'ਤੇ ਪਾਕਿਸਤਾਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ- ਅਸੀਂ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਅਸੀਂ ਸਾਰੇ ਧਾਰਮਿਕ ਸਥਾਨਾਂ ਨੂੰ ਸਭ ਤੋਂ ਵੱਧ ਸਤਿਕਾਰ ਦਿੰਦੇ ਹਾਂ ਅਤੇ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ। ਇਸ ਦੇ ਉਲਟ, ਭਾਰਤ ਨੇ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਸੀ।  ਪਾਕਿਸਤਾਨ ਨੇ ਕਿਹਾ- ਅਸੀਂ ਸਿੱਖ ਧਰਮ ਦੇ ਕਈ ਪਵਿੱਤਰ ਸਥਾਨਾਂ ਦੇ ਰਖਵਾਲੇ ਹਾਂ। ਹਰ ਸਾਲ ਅਸੀਂ ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਦੇ ਹਾਂ। ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਕਰਤਾਰਪੁਰ ਤੱਕ ਵੀਜ਼ਾ-ਮੁਕਤ ਪਹੁੰਚ ਦੀ ਆਗਿਆ ਦਿੰਦਾ ਹੈ। ਅਜਿਹੀ ਸਥਿਤੀ ਵਿੱਚ ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਾਲ ਸਬੰਧਤ ਕੋਈ ਵੀ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਹੈ।