Amritsar News: ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਨਾਲ ਪੰਜਾਬ ਦੀ ਕੌਮਾਂਤਰੀ ਪੱਧਰ 'ਤੇ ਬੱਲੇ-ਬੱਲੇ ਹੋਏਗੀ: ਸੀਐਮ ਭਗਵੰਤ ਮਾਨ
ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਪ੍ਰੋਗਰਾਮ ਦੀ ਸਫ਼ਲਤਾ ਲਈ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ
Amritsar News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿਖੇ ਅਗਲੇ ਸਾਲ ਮਾਰਚ ਵਿੱਚ ਹੋ ਰਹੇ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜੀ-20 ਸੰਮੇਲਨ ਤਹਿਤ ਇਥੇ ਹੋਣ ਵਾਲੇ ਸਮਾਗਮ ਦਾ ਮੁੱਖ ਮੱਦਾ ਸਿੱਖਿਆ ਹੋਵੇਗਾ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਮਲੇਨ ਵਿੱਚ ਸ਼ਾਮਲ ਹੋਣ ਵਾਲੇ ਵੱਖ-ਵੱਖ ਮੁਲਕਾਂ ਦੇ ਨੁਮਾਇੰਦੇ ਆਉਣਗੇ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ, ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ, ਅਟਾਰੀ ਸਰਹੱਦ, ਖਾਲਸਾ ਕਾਲਜ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪਿੰਡਾਂ ਵਿੱਚ ਵੀ ਲਿਜਾਇਆ ਜਾਵੇਗਾ।
ਅਗਲੇ ਸਾਲ ਪੰਜਾਬ ‘ਚ ਹੋਣ ਵਾਲੇ G-20 ਸੰਮੇਲਨ ਦੀਆਂ ਤਿਆਰੀਆਂ ਦਾ ਵਿਸ਼ੇਸ਼ ਤੌਰ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਜਾਇਜ਼ਾ ਲਿਆ…
— Bhagwant Mann (@BhagwantMann) October 22, 2022
ਸੱਭਿਆਚਾਰ ਤੇ ਵਿਰਾਸਤੀ ਝਲਕ ਨਾਲ ਪੰਜਾਬ ਦੀ ਮੇਜ਼ਬਾਨੀ ਹੋਰ ਸੂਬਿਆਂ ਤੇ ਦੇਸ਼ਾਂ ਨਾਲੋਂ ਵੱਖਰੀ ਹੋਵੇਗੀ…ਸੰਮੇਲਨ ‘ਚ ਹਿੱਸਾ ਲੈ ਰਹੇ ਦੇਸ਼ਾਂ ਦੇ ਨੁਮਾਇੰਦਿਆਂ ਨੂੰ ਪੰਜਾਬ ਦਿਖਾਵਾਂਗੇ… pic.twitter.com/XMnnOdpklO
ਉਨ੍ਹਾਂ ਆਖਿਆ ਕਿ ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਪ੍ਰੋਗਰਾਮ ਦੀ ਸਫ਼ਲਤਾ ਲਈ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ਜਿਸ ਦੇ ਮੈਂਬਰ ਡਾ. ਇੰਦਰਬੀਰ ਸਿੰਘ ਨਿੱਜਰ, ਹਰਭਜਨ ਸਿੰਘ ਈਟੀਓ ਤੇ ਕੁਲਦੀਪ ਸਿੰਘ ਧਾਲੀਵਾਲ ਸਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਗਲੇ ਸਾਲ ਮਾਰਚ ਮਹੀਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜੀ-20 ਸੰਮੇਲਨ ਤਹਿਤ ਇਥੇ ਹੋਣ ਵਾਲੇ ਸਮਾਗਮ ਦਾ ਮੁੱਖ ਮੱਦਾ ਸਿੱਖਿਆ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਉਹ ਲਗਪਗ ਇਕ ਘੰਟਾ ਜਥੇਦਾਰ ਦੇ ਨਾਲ ਰਹੇ ਅਤੇ ਲੰਗਰ ਵੀ ਛਕਿਆ। ਉਨ੍ਹਾਂ ਆਖਿਆ ਇਸ ਮੁਲਾਕਾਤ ਸਮੇਂ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਯਤਨ ਕਰਨ ਬਾਰੇ ਚਰਚਾ ਕੀਤੀ ਹੈ।