Chandigarh: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ਜਲੰਧਰ, ਐਸਏਐਸ ਨਗਰ, ਲੁਧਿਆਣਾ, ਮੋਗਾ ਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਤੇ 30 ਦਸਬੰਰ ਨੂੰ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤੇ ਬਕਾਇਆ ਮੁੱਦਿਆਂ ਨੂੰ ਨਿਰਧਾਰਤ ਸਮਾਂ ਸੀਮਾ ਤਹਿਤ ਹੱਲ ਕਰਨ ਲਈ ਕਿਹਾ।


ਧਾਲੀਵਾਲ ਨੇ ਦੱਸਿਆ ਕਿ 15 ਐਨਆਰਆਈ ਪੁਲਿਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਪ੍ਰਤੀ ਥਾਣਾ 2 ਲੱਖ ਰੁਪਏ ਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕੀਤੇ ਗਏ ਤਾਂ ਜੋ ਉੱਥੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ‘ਚ ਪ੍ਰਵਾਸੀ ਪੰਜਾਬੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਹੀ ਫਾਸਟ ਟ੍ਰੈਕ ਅਦਾਲਦਤਾਂ ਸਥਾਪਿਤ ਕੀਤੀਆਂ ਜਾਣਗੀਆਂ। 


ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀਸੀਐਸ ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਦਾ ਫੈਸਲਾ ਵੀ ਕੀਤਾ ਗਿਆ ਤਾਂ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਤਾਲਮੇਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।


ਧਾਲੀਵਾਲ ਨੇ ਦੱਸਿਆ ਕਿ ਐਨਆਰਆਈ ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇੱਕ ਪ੍ਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਐਨਆਰਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਕਰਨ ਲਈ ਐਨਆਰਆਈਜ਼ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ। ਉਨ੍ਹਾਂ ਕਿਹਾ ਆਪਣੇ ਮੂਲ ਨਾਲ ਜੁੜਿਆ ਵਿਅਕਤੀ ਆਪਣੇ ਮੂਲ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਦਾ ਹੈ।


ਧਾਲੀਵਾਲ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ/ਭਾਰਤੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਉਨ੍ਹਾਂ ਦੀਆਂ ਜੜ੍ਹਾਂ ਅਤੇ ਮਾਤ ਭੂਮੀ ਦੇ ਪੋਸ਼ਣ ਕਰਨ ਲਈ ‘’ਆਪਣੀਆਂ ਜੜ੍ਹਾਂ ਨਾਲ ਜੁੜੋ" ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੇ ਵਤਨ ਨਾਲ ਜੁੜਨ ਤੇ ਇੱਥੋਂ ਦੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।


ਇਹ ਵੀ ਪੜ੍ਹੋ: Dating APP ਰਾਹੀ ਬੁਲਾ ਕੇ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ


ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਪ੍ਰਵਾਸੀ ਪੰਜਾਬੀ ਕਿਸੇ ਵੀ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ 50 ਫੀਸਦੀ ਯੋਗਦਾਨ ਪਾ ਸਕਦੇ ਹਨ ਜਿਵੇਂ ਕਿ ਸਕੂਲਾਂ ਦੀਆਂ ਇਮਾਰਤਾਂ, ਕਮਿਊਨਿਟੀ ਸੇਵਾਵਾਂ, ਹਸਪਤਾਲ, ਲਾਇਬ੍ਰੇਰੀਆਂ, ਪੀਣ ਵਾਲਾ ਪਾਣੀ, ਸੀਵਰੇਜ, ਲੈਟਰੀਨ, ਸਟਰੀਟ ਲਾਈਟ, ਖੇਡ ਸਟੇਡੀਅਮ ਅਤੇ ਹੋਰ ਪ੍ਰੋਜੈਕਟਾਂ ਅਤੇ ਬਾਕੀ ਦਾ 50 ਫੀਸਦੀ ਸੂਬਾ ਸਰਕਾਰ ਦੁਆਰਾ ਖਰਚ ਕੀਤਾ ਜਾਂਦਾ ਹੈ।