Punjab : ਬਿਜਲੀ ਕੱਟਾਂ ਨਾਲ ਹਾਹਾਕਾਰ! ਖੇਤੀ ਲਈ ਸਿਰਫ 3-4 ਘੰਟੇ ਬਿਜਲੀ ਸਪਲਾਈ, ਕਿਸਾਨ ਜਥੇਬੰਦੀਆਂ ਵੱਲੋਂ ਸੋਮਵਾਰ ਤੱਕ ਦਾ ਅਲਟੀਮੇਟਮ
ਖੇਤੀਬਾੜੀ ਲਈ ਸਿਰਫ 3-4 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਅੱਕੇ ਕਿਸਾਨਾਂ ਵੱਲੋਂ ਸੋਮਵਾਰ ਤੱਕ ਦਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਉਧਰ, ਸ਼ਹਿਰਾਂ ਅੰਦਰ ਵੀ ਦਿਨ ਭਰ ਬਿਜਲੀ ਕੱਟ ਲੱਗ ਰਹੇ ਹਨ। ਇਸ ਲਈ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ।
Chandigarh News: ਪੰਜਾਬ ਵਿੱਚ ਬਿਜਲੀ ਕੱਟਾਂ ਨਾਲ ਹਾਹਾਕਾਰ ਮੱਚ ਗਈ ਹੈ। ਖੇਤੀਬਾੜੀ ਲਈ ਸਿਰਫ 3-4 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਅੱਕੇ ਕਿਸਾਨਾਂ ਵੱਲੋਂ ਸੋਮਵਾਰ ਤੱਕ ਦਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਉਧਰ, ਸ਼ਹਿਰਾਂ ਅੰਦਰ ਵੀ ਦਿਨ ਭਰ ਬਿਜਲੀ ਕੱਟ ਲੱਗ ਰਹੇ ਹਨ। ਇਸ ਲਈ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਪਿਛਲੇ 10 ਦਿਨਾਂ ਤੋਂ ਖੇਤੀਬਾੜੀ ਲਈ ਅੱਠ ਘੰਟੇ ਦੀ ਥਾਂ ਸਿਰਫ਼ ਤਿੰਨ-ਚਾਰ ਘੰਟੇ ਮਿਲ ਰਹੀ ਪਾਵਰ ਸਪਲਾਈ ਤੋਂ ਖਫ਼ਾ ਕਿਸਾਨਾਂ ਨੇ ਬਨੂੜ ਵਿੱਚ ਪਾਵਰਕੌਮ ਦੇ ਐਸਡੀਓ ਨੂੰ ਮੰਗ ਪੱਤਰ ਦੇ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤੱਕ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਕਿਸਾਨ ਜਥੇਬੰਦੀਆਂ ਕੌਮੀ ਮਾਰਗ ’ਤੇ ਜਾਮ ਲਾਉਣਗੀਆਂ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਡਕੌਂਦਾ ਧਨੇਰ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ ਸਿੰਘ, ਰਾਜੇਵਾਲ ਗਰੁੱਪ ਦੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਤੇ ਗੁਰਪ੍ਰੀਤ ਸਿੰਘ ਸੇਖਨਮਾਜਰਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਦੱਸਿਆ ਕਿ ਝੋਨੇ ਨੂੰ ਆਖਰੀ ਪਾਣੀ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨਾ ਸੋਕੇ ਦੀ ਮਾਰ ਹੇਠ ਹੈ ਤੇ ਇਸ ਦਾ ਝਾੜ ਉੱਤੇ ਅਸਰ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਚਾਰੇ ਤੇ ਸਬਜ਼ੀਆਂ ਵੀ ਸੁੱਕ ਰਹੀਆਂ ਹਨ।ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਇਸ ਮੌਕੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਥਰਮਲਾਂ ਦੇ ਨੁਕਸ ਦਾ ਬਹਾਨਾ ਬਣਾਇਆ ਜਾ ਰਿਹਾ ਹੈ, ਜਦੋਂ ਕਿ ਹਕੀਕਤ ਇਹ ਹੈ ਕਿ ਥਰਮਲ ਜਾਣ-ਬੁੱਝ ਕੇ ਬੰਦ ਕਰ ਦਿੱਤੇ ਹਨ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਹੈ ਕਿ ਬਿਜਲੀ ਕੱਟਾਂ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ ਪਾਣੀ ਦੀ ਲੋੜ ਪਰ ਪੰਜਾਬ ਸਰਕਾਰ ਵੱਲੋਂ ਨਹਿਰ ਰਾਹੀਂ ਰਾਜਸਥਾਨ ਨੂੰ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ-ਲੰਬੇ ਕੱਟ ਲਾਏ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਖਜ਼ਾਨਾ ਭਰਿਆ ਪਿਆ ਹੈ ਤਾਂ ਫਿਰ ਕਿਸਾਨਾਂ ਲਈ ਬਿਜਲੀ ਕਿਉਂ ਨਹੀਂ ਖਰੀਦ ਰਹੇ?