Chandigarh News : ਚੰਡੀਗੜ੍ਹ ਪੁਲਿਸ ਦੇ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿੱਚ ਤੈਨਾਤ ਏਐਸਆਈ ਰਵਿੰਦਰ ਰਾਣਾ ਅਤੇ ਹੈਡ ਕਾਂਸਟੇਬਲ ਰਣਦੀਪ ਸਿੰਘ ਨੂੰ ਸੀਬੀਆਈ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਦੋਵਾਂ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

 



 

ਮਿਲੀ ਜਾਣਕਾਰੀ ਅਨੁਸਾਰ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਇਕ ਮਾਮਲੇ ਵਿੱਚ ਰਾਹਤ ਦਿਵਾਉਣ ਦੇ ਨਾਮ ਉਤੇ ਧਨਾਸ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਿਸ ਤੋਂ ਬਾਅਦ ਪੀੜਤ ਵਿਅਕਤੀ ਨੇ ਇਸ ਸਬੰਧੀ ਸ਼ਿਕਾਇਤ ਸੀਬੀਆਈ ਨੂੰ ਕੀਤੀ ਸੀ। ਜਿਸ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾ ਕੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

 

 ਦੱਸ ਦੇਈਏ ਕਿ ਪਿਛਲੇ ਦਿਨੀਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਬੰਧਨੀ ਦੀ ਪੁਲਿਸ ਨੇ ਲੋਪੋ ਪੁਲਿਸ ਚੌਕੀ ਦੇ ਮੌਜੂਦਾ ਇੰਚਾਰਜ ਏਐਸਆਈ ਬਲਬੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਬਲਬੀਰ ਸਿੰਘ ਖ਼ਿਲਾਫ਼ 7-13(2) ਅਤੇ ਆਈ.ਪੀ.ਸੀ.420, 406 ਤਹਿਤ ਮਾਮਲਾ ਦਰਜ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਬਲਬੀਰ ਸਿੰਘ ਨੇ ਕੁਲਵਿੰਦਰ ਸਿੰਘ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਨਸ਼ੇ ਦਾ ਨਜਾਇਜ਼ ਪਰਚਾ ਦਰਜ ਕੀਤਾ ਸੀ।

 

 ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਚੌਕੀ ਇੰਚਾਰਜ ਬਲਵੀਰ ਸਿੰਘ ਨੇ ਕਿਹਾ ਸੀ ਕਿ ਤੁਹਾਡੇ ਲੜਕੇ ਕੁਲਵਿੰਦਰ ਸਿੰਘ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਹਨ। ਉਸ ਨੇ ਕਿਹਾ ਸੀ ਕਿ ਜੇਕਰ ਤੁਸੀਂ ਆਪਣੇ ਲੜਕੇ ਨੂੰ ਬਚਾਉਣਾ ਚਾਹੁੰਦੇ ਹੋ ਤਾਂ 50,000 ਰੁਪਏ ਦਿਓ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪੈਸੇ ਦੇਣ ਦੇ ਬਾਵਜੂਦ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। 

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।