Gurbani Broadcast : ਸਾਰੇ ਲੀਡਰ SGPC ਮਗਰ ਪਏ, ਹੁਣ ਬੀਜੇਪੀ ਨੇ ਆਖ ਦਿੱਤੀ ਵੱਡੀ ਗੱਲ, ਸ਼੍ਰੋਮਣੀ ਕਮੇਟੀ ਨੂੰ ਚੱਕਣਾ ਪਵੇਗਾ ਵੱਡਾ ਕਦਮ
Gurbani Broadcast issue : ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ਼ ਮੰਨ ਕੇ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਚਲਾਇਆ ਹੁੰਦਾ ਤਾਂ..
ਮੋਹਾਲੀ : ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਿੱਥੇ ਵਿਰੋਧੀ ਮਾਨ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ ਤਾਂ ਉੱਥੇ ਹੀ ਹੁਣ ਸ਼੍ਰੋਮਣੀ ਕਮੇਟੀ ਦੇ ਮਗਰ ਵੀ ਪੈ ਗਏ ਹਨ। 20 ਜੂਨ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰ ਦਿੱਤਾ ਸੀ। ਜਿਸ 'ਤੇ ਭਾਜਪਾ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ SGPC ਨੂੰ ਹੀ ਕਸੂਰਵਾਰ ਕਰਾਰ ਦੇ ਦਿੱਤਾਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ਼ ਮੰਨ ਕੇ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਚਲਾਇਆ ਹੁੰਦਾ ਤਾਂ ਪੰਜਾਬ ਸਰਕਾਰ ਨੂੰ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜੀ ਕਰਨ ਦੀ ਲੋੜ ਨਹੀਂ ਸੀ ਪੈਣੀ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ 2019 ਨੂੰ ਪੰਜਾਬ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਦੇ ਪ੍ਰਸਾਰਣ ਦਾ ਅਧਿਕਾਰ ਇੱਕ ਚੈਨਲ ਨੂੰ ਦੀ ਥਾਂ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਤਹਿਤ ਹੋਰ ਟੀਵੀ ਚੈਨਲ ਵੀ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰ ਸਕਣ। ਉਹਨਾਂ ਦਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਇਕ ਵਿਸ਼ੇਸ਼ ਏਲਚੀ ਰਾਹੀਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਤੇ ਦੀ ਕਾਪੀ ਸੌਂਪ ਕੇ ਮੰਗ ਕੀਤੀ ਸੀ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਢੁਕਵੇਂ ਆਦੇਸ਼ ਦਿਤੇ ਜਾਣ।
ਸਿੱਧੂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿਧਾਨ ਸਭਾ ਰਾਹੀਂ ਪ੍ਰਗਟ ਹੋਈ ਪੰਜਾਬ ਤੇ ਸਿੱਖ ਜਗਤ ਦੀ ਭਾਵਨਾ ਨੂੰ ਸ਼੍ਰੋਮਣੀ ਕਮੇਟੀ ਤੱਕ ਪਹੁੰਚਾਉਦਿਆਂ ਆਦੇਸ਼ ਦਿੱਤਾ ਸੀ ਕਿ ਇਕ ਟੀਵੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਦੇਣ ਦੀ ਥਾਂ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਤ ਕਰੇ ਜਿਸ ਰਾਹੀਂ ਸਾਰੇ ਚੈਨਲਾਂ ਨੂੰ ਫੀਡ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਦਿਸ਼ਾ ਵਿਚ ਸਮੇਂ ਸਿਰ ਸਾਰਥਿਕ ਕਦਮ ਨਾ ਚੁੱਕਣ ਕਾਰਨ ਅੱਜ ਇਹ ਟਕਰਾਅ ਵਾਲੀ ਸਥਿਤੀ ਬਣੀ ਹੈ।
ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਪਿਛਲੀਆਂ ਦੋ ਜਨਰਲ ਚੋਣਾਂ ਵਿਚ ਕਮੇਟੀ ਉਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੈਨੀਫੈਸਟੋ ਵਿਚ ਸਿੱਖ ਸੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਸ੍ਰੀ ਦਰਬਾਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇਗੀ।