Punjab News : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਇੱਕ ਸਾਲ ਹੋ ਗਿਆ ਹੈ। ਅੱਜ ਦੇ ਦਿਨ ਜਿੱਥੇ ਸੂਬਾ ਸਰਕਾਰ ਵੱਲੋਂ ਆਪਣੀਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਹਨ। ਓਥੇ ਹੀ ਵਿਰੋਧੀ ਧਿਰ ਵੱਲੋਂ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਏ ਜਾ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਸੂਬਾ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ 'ਤੇ ਸਵਾਲ ਉਠਾਏ ਗਏ।



 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਫੇਲ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਮਾੜੀ ਹੈ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਮਲੇ ਹੋ ਰਹੇ ਹਨ। ਮਸ਼ਹੂਰ ਹਸਤੀਆਂ ਦਾ ਸ਼ਰੇਆਮ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਾ ਸਿਰਫ਼ ਮਹਿਲਾਵਾਂ ਸਗੋਂ ਕਿਸਾਨਾਂ ਤੇ ਬਜ਼ੁਰਗਾਂ ਨੂੰ ਵੀ ਠੱਗਿਆ ਹੈ।

 


 

ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੈਨਸ਼ਨ ਵਧਾ ਕੇ 2500 ਰੁਪਏ ਕੀਤੀ ਜਾਵੇਗੀ ਪਰ ਅੱਜ ਕੋਈ ਇਸ ਦੀ ਗੱਲ ਨਹੀਂ ਕਰ ਰਿਹਾ। ਹਾਲਾਤ ਇਹ ਹਨ ਕਿ ਅੱਜ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵਧ-ਫੁੱਲ ਰਹੀਆਂ ਹਨ। ਪੰਜਾਬ ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ ਅਸ਼ਵਨੀ ਸ਼ਰਮਾ ਨੇ ਇੱਕ-ਇੱਕ ਕਰਕੇ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਕੀਤੇ ਕੰਮਾਂ ਬਾਰੇ ਦੱਸਿਆ। ਮੌਜੂਦਾ ਸਰਕਾਰ ਨੇ ਕਿਵੇਂ ਗਾਰੰਟੀਆਂ ਤਾਂ ਦੇ ਦਿੱਤੀਆਂ ਪਰ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਰਕਾਰ ਸੁਰੱਖਿਆ ਪ੍ਰਬੰਧ ਕਰਨ ਵਿੱਚ ਵੀ ਨਾਕਾਮ ਰਹੀ ਹੈ।

 

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੱਡੀਆਂ ਉਮੀਦਾਂ ਨਾਲ ਚੁਣੀ ਗਈ ਸਰਕਾਰ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇੱਕ ਇਤਿਹਾਸ ਰਚਿਆ ਸੀ।