Chandigarh News: ਚੰਡੀਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਕੌਢੀਆਂ ਦੇ ਭਾਅ ਐਕੁਆਇਰ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਤੇ ਹਰਿਆਣਾ 'ਚ 8 ਤੋਂ 10 ਕਰੋੜ ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ ਤਾਂ ਫਿਰ ਚੰਡੀਗੜ੍ਹ 'ਚ ਸਿਰਫ਼ ਢਾਈ ਕਰੋੜ ਹੀ ਕਿਉਂ ਦਿੱਤੇ ਜਾ ਰਹੇ ਹਨ। ਇਹ ਸਵਾਲ ਖੜ੍ਹਾ ਕਰਦਿਆਂ ਹੀ ਕਿਸਾਨਾਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। 




ਉਧਰ, ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬਣਨ ਵਾਲੀ ਨਿਊ ਏਅਰਪੋਰਟ ਰੋਡ ਲਈ ਢੁਕਵਾਂ ਭਾਅ ਨਾ ਮਿਲਣ ਕਰ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਹਮਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਟ ਨਿੱਤਰ ਆਏ ਹਨ। ਉਨ੍ਹਾਂ ਨੇ ਚੰਡੀਗੜ੍ਹ ਸ਼ਹਿਰ ਤੋਂ ਏਅਰਪੋਰਟ ਤੱਕ ਬਣਾਈ ਜਾਣ ਵਾਲੀ ਸੜਕ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਭਾਅ ਸ਼ਹਿਰੀ ਤਰਜ਼ ’ਤੇ ਦੇਣ ਦੀ ਮੰਗ ਕੀਤੀ ਹੈ। 



ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਦੇਰ ਸ਼ਾਮ ਚੰਡੀਗੜ੍ਹ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਵਿੱਚ ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਸਾਧੂ ਸਿੰਘ ਤੇ ਗੁਰਦਿਆਲ ਸਿੰਘ ਨੇ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੁੱਦਾ ਟਿਕੈਤ ਕੋਲ ਚੁੱਕਿਆ।


ਚੰਡੀਗੜ੍ਹ ਦੇ ਕਿਸਾਨਾਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਵੀ ਜ਼ਮੀਨਾਂ ਨੂੰ ਕੌਢੀਆਂ ਦੇ ਭਾਅ ਖ਼ਰੀਦ ਕੇ ਕਿਸਾਨਾਂ ਨੂੰ ਬੇਜ਼ਮੀਨੇ ਕਰ ਦਿੱਤਾ ਹੈ। ਹੁਣ ਫਿਰ ਨਿਊ ਏਅਰਪੋਰਟ ਸੜਕ ਲਈ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਪਰ ਇਸ ਜ਼ਮੀਨ ਲਈ ਢੁਕਵਾਂ ਭਾਅ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ 8 ਤੋਂ 10 ਕਰੋੜ ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ, ਜਦੋਂਕਿ ਚੰਡੀਗੜ੍ਹ ਦੇ ਕਿਸਾਨਾਂ ਨੂੰ ਸਿਰਫ਼ ਢਾਈ ਕਰੋੜ ਰੁਪਏ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ।


ਰਾਕੇਸ਼ ਟਿਕੈਤ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਚੰਡੀਗੜ੍ਹ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਯੂਟੀ ਪ੍ਰਸ਼ਾਸਨ ਨੇ ਜਨਵਰੀ ਮਹੀਨੇ ਤੱਕ ਕਿਸਾਨਾਂ ਦੀ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਸ਼ਹਿਰੀ ਤਰਜ਼ ’ਤੇ ਭਾਅ ਨਾ ਦਿੱਤਾ ਤਾਂ ਜਨਵਰੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਹੀ ਹਰ ਵਰਗ ਦੇ ਲੋਕਾਂ ਦਾ ਅੰਨਦਾਤਾ ਹੈ। ਇਸ ਲਈ ਯੂਟੀ ਪ੍ਰਸ਼ਾਸਨ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਾ ਕਰਦੇ ਹੋਏ ਪਹਿਲ ਦੇ ਆਧਾਰ ’ਤੇ ਮੰਨਣਾ ਚਾਹੀਦਾ ਹੈ।