Chandigarh Mayor Poll: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਸਖ਼ਤ ਰੁਖ਼ ਅਪਣਾਇਆ ਹੈ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਨਵੇਂ ਸਿਰੇ ਤੋਂ ਕਰਵਾਉਣ ਦੀ ਬਜਾਏ ਮੌਜੂਦਾ ਬੈਲਟ ਪੇਪਰਾਂ ਦੇ ਆਧਾਰ 'ਤੇ ਘੋਸ਼ਿਤ ਕਰਨ ਦਾ ਹੁਕਮ ਦਿੱਤਾ। ਫਿਲਹਾਲ ਇਸ 'ਤੇ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਵੇਗਾ। 



ਅੱਜ ਵੀ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਅੱਜ ਸੁਪਰੀਮ ਕੋਰਟ ਵਿੱਚ ਚੰਡੀਗੜ੍ਹ ਮੇਅਰ ਚੋਣ ਦੇ ਬੈਲੇਟ ਪੇਪਰ ਅਤੇ ਵੀਡੀਓ ਰਿਕਾਰਡਿੰਗ ਪੇਸ਼ ਕੀਤੀ ਜਾਵੇਗੀ। ਬੈਲੇਟ ਪੇਪਰ ਨੂੰ ਦੇਖ ਕੇ ਜਾਂਚ ਕੇ ਸੁਪਰੀਮ ਕੋਰਟ ਤੈਅ ਕਰੇਗਾ ਕਿ ਚੋਣ ਨਵੇਂ ਸਿਰੇ ਤੋਂ ਕੀਤੀ ਜਾਵੇਗੀ ਜਾਂ ਫਿਰ ਇਹਨਾਂ ਬੈਲੇਟ ਪੇਪਰਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ। 


ਪਿਛਲੇ ਦਿਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਉਹ ਇਹ ਨਿਰਦੇਸ਼ ਦੇਵੇਗੀ ਕਿ ਮੇਅਰ ਚੋਣਾਂ ਵਿੱਚ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਉਨ੍ਹਾਂ ਨਿਸ਼ਾਨਾਂ ਨੂੰ ਨਜ਼ਰਅੰਦਾਜ਼ ਕਰਕੇ ਕੀਤੀ ਜਾਵੇ ਜੋ ਪਿਛਲੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਕਲਮ ਨਾਲ ਪਾਈਆਂ ਸਨ।



ਸੋਮਵਾਰ ਨੂੰ ਦੋਸ਼ੀ ਰਿਟਰਨਿੰਗ ਅਫਸਰ ਅਨਿਲ ਮਸੀਹ ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਤੋਂ ਸਖ਼ਤ ਸਵਾਲ ਪੁੱਛੇ ਗਏ। ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਦੇ ਸਾਰੇ ਬੈਲਟ ਪੇਪਰ ਦਿੱਲੀ ਤਲਬ ਕਰ ਲਏ ਹਨ।


ਸੀਜੇਆਈ ਨੇ ਕਿਹਾ ਕਿ ਉਹ ਖੁਦ ਬੈਲਟ ਪੇਪਰਾਂ ਦੀ ਜਾਂਚ ਕਰਨਗੇ ਜਿਸ ਵਿੱਚ ਛੇੜਛਾੜ ਦਾ ਦੋਸ਼ ਲਗਾਇਆ ਗਿਆ ਹੈ। ਮਾਮਲੇ ਦੀ ਸੁਣਵਾਈ ਮੰਗਲਵਾਰ ਦੁਪਹਿਰ ਨੂੰ ਹੋਵੇਗੀ। ਅਨਿਲ ਮਸੀਹ ਨੂੰ ਅਦਾਲਤ ਵਿਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ 'ਆਪ' ਨੇ ਚੰਡੀਗੜ੍ਹ ਮੇਅਰ ਚੋਣਾਂ 'ਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।


ਪਿਛਲੀ ਸੁਣਵਾਈ 'ਚ ਬੈਲਟ ਪੇਪਰ ਨਾਲ ਛੇੜਛਾੜ ਦੀ ਵੀਡੀਓ ਦੇਖਣ ਤੋਂ ਬਾਅਦ ਅਦਾਲਤ ਨੇ ਰਿਟਰਨਿੰਗ ਅਧਿਕਾਰੀ ਨੂੰ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦੇ ਹੋਏ ਤਲਬ ਕੀਤਾ ਸੀ। ਇਸ ਸੁਣਵਾਈ ਤੋਂ ਪਹਿਲਾਂ ਐਤਵਾਰ ਰਾਤ ਨੂੰ ਭਾਜਪਾ ਦੇ ਮੇਅਰ ਨੇ ਅਸਤੀਫਾ ਦੇ ਦਿੱਤਾ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਵੀ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਇਸ 'ਤੇ ਵੀ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਸੀ।