Chandigarh News : ਚੰਡੀਗੜ੍ਹ ਦੇ ਸੈਕਟਰ-27 ਤੇ 28 ਲਾਈਟ ਪੁਆਇੰਟ ਦੇ ਨਜ਼ਦੀਕ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਦੇ ਮਾਮਲੇ ’ਚ ਪੁਲਿਸ ਨੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।



ਇਹ ਕੇਸ ਥਾਣਾ ਸੈਕਟਰ-26 ਦੀ ਪੁਲਿਸ ਨੇ ਪੀੜਤ ਅੰਕੂਸ਼ ਵਾਸੀ ਕਾਂਗੜਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਸੈਕਟਰ-27-28 ਦੀਆਂ ਲਾਈਟਾਂ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਐਸਕਾਰਟ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੇ ਕਾਫੀ ਸੱਟਾ ਵਜੀਆਂ ਤੇ ਸੈਕਟਰ-32 ਦੇ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।


 

ਦੱਸਿਆ ਜਾ ਰਿਹਾ ਹੈ ਕਿ ਡਾ. ਬਲਜੀਤ ਕੌਰ ਨੇ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਵੀ ਪੁੱਛਿਆ ਸੀ। ਉਨ੍ਹਾਂ ਦੱਸਿਆ ਸੀ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਦਾ ਅਪਰੇਸ਼ਨ ਕੀਤਾ ਜਾ ਰਿਹਾ ਹੈ, ਇਲਾਜ ਦਾ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ ਪਰ ਜ਼ਖਮੀ ਨੌਜਵਾਨ ਦੇ ਮਾਤਾ-ਪਿਤਾ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਉਪਰ ਰਾਜੀਨਾਵੇਂ ਦਾ ਦਬਾਅ ਪਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਰਾਜੀਨਾਵਾਂ ਨਾ ਕੀਤਾ ਤਾਂ ਇਲਾਜ ਨਹੀਂ ਕਰਵਾਇਆ ਜਾਵੇਗਾ।

 

ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 27-28 ਦੀਆਂ ਲਾਈਟਾਂ ’ਤੇ ਕੁਝ ਦਿਨ ਪਹਿਲਾਂ ਮੰਤਰੀ ਦੀ ਐਸਕਾਰਟ ਜਿਪਸੀ ਨੇ ਐਕਟਿਵਾ ਸਵਾਰ ਲੜਕੇ ਲੜਕੀ ਨੂੰ ਟੱਕਰ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਦੋਹਾਂ ਨੂੰ ਇਲਾਜ ਲਈ ਸੈਕਟਰ 32 ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।  ਇਸ ਦੌਰਾਨ ਜਖ਼ਮੀ ਅੰਕੁਸ਼ ਦੇ ਮਾਤਾ-ਪਿਤਾ ਨੇ ਦੱਸਿਆ ਕਿ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਪਰ ਅਸਲੀਅਤ ਇਹ ਹੈ ਕਿ ਉਸਨੂੰ ਇਲਾਜ ਲਈ ਦੂਜੇ ਹਸਪਤਾਲ ’ਚ ਸ਼ਿਫਟ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ’ਤੇ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ।

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਕਾਂਗੜਾ ਨਾਲ ਸਬੰਧਤ ਹਨ ਅਤੇ ਗਰੀਬ ਲੋਕ ਹਨ। ਉਨ੍ਹਾਂ ਦਾ ਲੜਕਾ ਕੁਝ ਪ੍ਰਾਈਵੇਟ ਨੌਕਰੀ ਕਰਨ ਲਈ ਮਹੀਨਾ ਪਹਿਲਾਂ ਹੀ ਚੰਡੀਗੜ੍ਹ ਆਇਆ ਸੀ।ਹੁਣ ਪੈਰ ਟੁੱਟਣ ਕਾਰਨ ਘਰ ਬੈਠ ਗਿਆ ਹੈ, ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚਲਦਾ ਹੈ।