Chandigarh News : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਇਹ ਮੁੱਦਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨਾਲ ਕੀਤੀ ਮੀਟਿੰਗ ਵਿੱਚ ਚੁੱਕਿਆ। 


ਉਨ੍ਹਾਂ ਨੇ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਲਈ ਪਿਛਲੇ ਦਿਨੀਂ ਤਿਲੰਗਾਨਾ ਦੇ ਮੁੱਖ ਮੰਤਰੀ ਕੇਸੀ ਰਾਓ ਨੇ ਪ੍ਰਤੀ ਪਰਿਵਾਰ ਨੂੰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ ਪਰ ਕਈ ਕਿਸਾਨ ਪਰਿਵਾਰਾਂ ਦੇ ਚੈੱਕ ਬਾਊਂਸ ਹੋ ਗਏ ਹਨ, ਜਦੋਂਕਿ ਕਾਫ਼ੀ ਪਰਿਵਾਰਾਂ ਨੂੰ ਅਜੇ ਤੱਕ ਵਿੱਤੀ ਸਹਾਇਤਾ ਦੇ ਚੈੱਕ ਮਿਲੇ ਹੀ ਨਹੀਂ।


ਵਫ਼ਦ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀਬਾੜੀ ਡਾਇਰੈਕਟਰ ਨੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਅਧਿਕਾਰੀ ਨਾਲ ਟੈਲੀਫੋਨ ’ਤੇ ਜਾਣਕਾਰੀ ਸਾਂਝੀ ਕੀਤੀ ਤੇ ਮੌਕੇ ’ਤੇ ਹੀ ਸਾਰੇ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਦਿੱਤੀਆਂ ਕਿ ਚੈੱਕ ਬਾਊਂਸ ਹੋਣ ਸਬੰਧੀ ਰਿਪੋਰਟ ਹਫ਼ਤੇ ਅੰਦਰ ਮੁੱਖ ਦਫ਼ਤਰ ਮੁਹਾਲੀ ਵਿੱਚ ਭੇਜੀ ਜਾਵੇ। 


ਇਸ ਦੌਰਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਡਾਇਰੈਕਟਰ ਨਾਲ ਮੀਟਿੰਗ ਦੌਰਾਨ ਇੱਕ ਭ੍ਰਿਸ਼ਟ ਅਧਿਕਾਰੀ ਵਿਰੁੱਧ ਵੀ ਲਿਖਤੀ ਸ਼ਿਕਾਇਤ ਦਿੱਤੀ ਹੈ, ਜਿਸ ਬਾਰੇ ਡਾਇਰੈਕਟਰ ਨੇ ਨਿਰਪੱਖ ਜਾਂਚ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ, ਮੀਤ ਪ੍ਰਧਾਨ ਸੇਵਾ ਸਿੰਘ ਪਨੋਦੀਆਂ ਵੀ ਮੌਜੂਦ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।