Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਸਰਕਾਰ ਸਿਟੀ ਬਿਊਟੀਫੁੱਲ ਨੂੰ ਸਾਲ 2030 ਤੱਕ ਦੇਸ਼ ਦਾ ਪਹਿਲਾ ਕਾਰਬਨ ਮੁਕਤ ਸ਼ਹਿਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਸਾਫ਼ ਈਂਧਨ ਵਾਲੀਆਂ ਗੱਡੀਆਂ (ਈ-ਵਾਹਨ) ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਰਜੀ ਊਰਜਾ 'ਤੇ ਕੰਮ ਕੀਤਾ ਜਾ ਰਿਹਾ ਹੈ। 



ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਾਫ਼ ਈਂਧਨ ਵਾਲੀਆਂ ਗੱਡੀਆਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਟੀ ਬਿਊਟੀਫੁੱਲ ਨੂੰ ਸਾਲ 2030 ਤੱਕ ਦੇਸ਼ ਦਾ ਪਹਿਲਾ ਕਾਰਬਨ ਮੁਕਤ ਸ਼ਹਿਰ ਬਣਾਇਆ ਜਾਵੇਗਾ। 


ਦਰਅਸਲ ਪ੍ਰਸ਼ਾਸਕ ਦੇ ਸਲਾਹਕਾਰ ਨੇ ਸੋਮਵਾਰ ਨੂੰ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਲਗਾਏ ਗਏ ਨੌਵੇਂ ਚਾਰ ਰੋਜ਼ਾ ਇਨਸ ਐਂਡ ਆਊਟ ਸ਼ੋਅ ਦੇ ਸਮਾਪਤੀ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਇਹ ਦਾਅਵਾ ਕੀਤਾ।



ਧਰਮਪਾਲ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੂਰਜੀ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੇ ਕਈ ਸਰਕਾਰੀ ਅਦਾਰੇ ਵੀ ਸੂਰਜੀ ਊਰਜਾ ਵੱਲ ਰੁਖ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਸਰਕਾਰੀ ਅਦਾਰਿਆਂ ’ਤੇ ਸੂਰਜੀ ਊਰਜਾ ਪਲਾਂਟ ਲਗਾਏ ਜਾ ਰਹੇ ਹਨ, ਉਸ ਤੋਂ ਬਾਅਦ ਸਰਕਾਰੀ ਰਿਹਾਇਸ਼ਾਂ ’ਤੇ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ ਜਦੋਂਕਿ ਯੂਟੀ ਪ੍ਰਸ਼ਾਸਨ ਵੱਲੋਂ ਸੀਟੀਯੂ ਦੀਆਂ ਬੱਸਾਂ ਸਣੇ ਹੋਰਨਾਂ ਸਰਕਾਰੀ ਗੱਡੀਆਂ ਨੂੰ ਇਲੈਕਟ੍ਰਿਕ ਕੀਤਾ ਜਾ ਚੁੱਕਾ ਹੈ। ਸਲਾਹਕਾਰ ਨੇ ਚੰਡੀਗੜ੍ਹੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰ ਦੀਆਂ ਛੱਤਾਂ ’ਤੇ ਸੂਰਜੀ ਊਰਜਾ ਪਲਾਂਟ ਲਗਾਉਣ ਤੇ ਈਵੀ ਵਾਹਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ।



ਧਰਮਪਾਲ ਨੇ ਕਿਹਾ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ’ਚ ਟਿਕਾਊ ਡਿਜ਼ਾਈਨ, ਤਕਨਾਲੋਜੀ ਤੇ ਸੁਰੱਖਿਆ ਦੇ ਸਰਵਉੱਚ ਮਹੱਤਵ ਨੂੰ ਪਛਾਣਨਾ ਮਹੱਤਵਪੂਰਨ ਹੈ। ਸਿਟੀ ਬਿਊਟੀਫੁੱਲ ਚੰਡੀਗੜ੍ਹ ਸਰਗਰਮ ਰੂਪ ’ਚ ਟਿਕਾਊ ਡਿਜ਼ਾਈਨ ਤੇ ਤਕਨਾਲੋਜੀ ਨਾਲ ਸਬੰਧਤ ਪਹਿਲਕਦਮੀਆਂ ਦਾ ਸਮਰਥਨ ਕਰ ਰਿਹਾ ਹੈ। ਚੰਡੀਗੜ੍ਹ ਨੇ ਅਜਿਹੀਆਂ ਨੀਤੀਆਂ ਪੇਸ਼ ਕੀਤੀਆਂ ਹਨ ਜੋ ਉਸਾਰੀ ਪ੍ਰਾਜੈਕਟਾਂ ’ਚ ਹਰੀ ਇਮਾਰਤ ਸਮੱਗਰੀ ਤੇ ਊਰਜਾ-ਕੁਸ਼ਲ ਤਕਨਾਲੋਜੀਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੀਆਂ ਹਨ।