Chandigarh News: ਪੰਜਾਬ ਯੂਨੀਵਰਸਿਟੀ 'ਚ ਪੰਜਾਬੀ ਨੂੰ ਝਟਕਾ! ਹੁਣ ਪੰਜਾਬੀ ਮਾਈਨਰ ਵਿਸ਼ੇ ਵਜੋਂ ਪੜ੍ਹਾਉਣ ਦਾ ਫ਼ੈਸਲਾ
Punjab News: ਇਹ ਫ਼ੈਸਲਾ ਹਾਲ ਹੀ ਵਿੱਚ ਹੋਈ ਪੀਯੂ ਸਿੰਡੀਕੇਟ ਦੀ ਮੀਟਿੰਗ ਵਿੱਚ ਲਿਆ ਗਿਆ ਜਦਕਿ ਇਸ ਤੋਂ ਪਹਿਲਾਂ ਲੈਂਗੁਏਜ ਫੈਕਲਟੀ ਦੀ ਮੀਟਿੰਗ ਵਿੱਚ ਇਸ ਨੂੰ ਲਾਜ਼ਮੀ ਵਿਸ਼ੇ ਵਜੋਂ ਹੀ ਰੱਖਿਆ ਗਿਆ ਸੀ।
Chandigarh News: ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਕੋਰਸਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਨੀ ਹੁਣ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਨੂੰ ਮਾਈਨਰ ਵਿਸ਼ੇ ਵਿੱਚ ਬਦਲ ਦਿੱਤਾ ਗਿਆ ਹੈ। ਇਹ ਫ਼ੈਸਲਾ ਹਾਲ ਹੀ ਵਿੱਚ ਹੋਈ ਪੀਯੂ ਸਿੰਡੀਕੇਟ ਦੀ ਮੀਟਿੰਗ ਵਿੱਚ ਲਿਆ ਗਿਆ ਜਦਕਿ ਇਸ ਤੋਂ ਪਹਿਲਾਂ ਲੈਂਗੁਏਜ ਫੈਕਲਟੀ ਦੀ ਮੀਟਿੰਗ ਵਿੱਚ ਇਸ ਨੂੰ ਲਾਜ਼ਮੀ ਵਿਸ਼ੇ ਵਜੋਂ ਹੀ ਰੱਖਿਆ ਗਿਆ ਸੀ। ਬਾਅਦ ਵਿੱਚ ਸਿੰਡੀਕੇਟ ਵੱਲੋਂ ਮਾਈਨਰ ਵਿਸ਼ੇ ਵਜੋਂ ਪੜ੍ਹਾਉਣ ਦੇ ਫ਼ੈਸਲੇ ਮੁਤਾਬਕ ਹੁਣ ਪੰਜਾਬੀ ਭਾਸ਼ਾ ਪੜ੍ਹਨੀ ਲਾਜ਼ਮੀ ਨਹੀਂ ਹੋਵੇਗੀ।
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਬਣਨ ਤੋਂ ਲੈ ਕੇ ਹੁਣ ਤੱਕ ’ਵਰਸਿਟੀ ਤੇ ਇਸ ਅਧੀਨ ਆਉਂਦੇ ਕਰੀਬ 200 ਕਾਲਜਾਂ ਵਿੱਚ ਗਰੈਜੂਏਸ਼ਨ ਦੇ ਤਿੰਨੋਂ ਸਾਲਾਂ ਤੱਕ ਪੰਜਾਬੀ ਲਾਜ਼ਮੀ ਵਿਸ਼ੇ ਦੇ ਰੂਪ ਵਿੱਚ ਪੜ੍ਹਾਈ ਜਾਂਦੀ ਰਹੀ ਹੈ ਜੋ ਹੁਣ ਕੇਂਦਰ ਸਰਕਾਰ ਵੱਲੋਂ ਬਣਾਈ ਨਵੀਂ ਸਿੱਖਿਆ ਨੀਤੀ-2020 ਤਹਿਤ ਲਾਜ਼ਮੀ ਵਿਸ਼ੇ ਵਜੋਂ ਹਟਾ ਦਿੱਤੀ ਗਈ ਹੈ। ਉਧਰ, ਪੰਜਾਬ ਯੂਨੀਵਰਸਿਟੀ ਦੇ ਇਸ ਫੈਸਲੇ ਕਾਰਨ ਰੋਹ ਵਿੱਚ ਆਈਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਐਨਐਸਯੂਆਈ, ਏਐਸਏ, ਪੀਐਸਯੂ (ਲਲਕਾਰ), ਸੱਥ, ਐਸਐਫਐਸ ਤੇ ਐਸਓਆਈ ’ਤੇ ਅਧਾਰਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀ ਆਗੂਆਂ ਨੇ ‘ਨਵੀਂ ਸਿੱਖਿਆ ਨੀਤੀ-2020’ ਦਾ ਵਿਰੋਧ ਕੀਤਾ ਤੇ ਇਸ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਤੋਂ ਹਟਾ ਕੇ ਮਾਈਨਰ ਕਰਨ ਨਾਲ ਕੇਂਦਰ ਸਰਕਾਰ ਦਾ ਪੰਜਾਬ ਤੇ ਪੰਜਾਬੀਅਤ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਤੇ ਇੱਥੇ ਪੰਜਾਬੀ ਬੋਲੀ ਨਾਲ ਧੱਕੇਸ਼ਾਹੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਰੋਸ ਪ੍ਰਦਰਸ਼ਨ ਦੌਰਾਨ ਡੀਯੂਆਈ ਵੱਲੋਂ ਵਿਦਿਆਰਥੀ ਆਗੂਆਂ ਤੇ ਰਿਸਰਚ ਸਕਾਲਰਾਂ ਨਾਲ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਅਗਲੀ ਮੀਟਿੰਗ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਵਿਚਾਰਨ ਦਾ ਭਰੋਸਾ ਦਿੱਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਬਹਾਲੀ ਲਈ ਕਿਸਾਨ ਜਥੇਬੰਦੀਆਂ ਤੇ ਹੋਰ ਵੀ ਪੰਜਾਬੀ ਹਿਤੈਸ਼ੀ ਸੰਗਠਨਾਂ ਨਾਲ ਮਿਲ ਕੇ ਵੱਡਾ ਅੰਦੋਲਨ ਵਿੱਢਿਆ ਜਾਵੇਗਾ।