Chandigarh: ਪੰਜਾਬ ਦੇ ਬੱਚਿਆਂ ਨੂੰ ਚੰਡੀਗੜ੍ਹ 'ਚ ਨਰਸਰੀ-ਪ੍ਰੀ ਨਰਸਰੀ ਵਿੱਚ ਨਹੀਂ ਮਿਲੇਗਾ ਦਾਖਲਾ, ਫ਼ੈਸਲੇ ਤੋਂ ਬਾਅਦ ਗਰਮਾਈ ਸਿਆਸਤ
Punjab : ਰਾਜਾ ਵੜਿੰਗ ਨੇ ਕਿਹਾ ਕਿ ਸਿੱਖਿਆ ਸਾਰਿਆਂ ਦਾ ਮੌਲਿਕ ਮਨੁੱਖੀ ਅਧਿਕਾਰ ਹੈ। ਕੁੱਝ ਬੱਚਿਆਂ ਤੋਂ ਇਹ ਬੁਨਿਆਦੀ ਹੱਕ ਖੋਹਣ ਦਾ ਫੈਸਲਾ ਕਿਵੇਂ ਲਿਆ ਜਾ ਸਕਦਾ ਹੈ? ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਪੰਜਾਬ ਦੇ ਵਿਦਿਆਰਥੀਆਂ ਦੀ 40 ਫੀਸਦੀ ਸੀਟਾਂ ਹਨ।
Chandigarh News : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ਦੇ ਸਕੂਲਾਂ ਵਿੱਚ ਦਾਖ਼ਲਾ ਨਾ ਦੇਣ ਦੇ ਫ਼ੈਸਲੇ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਐਨਐਸਯੂਆਈ ਦੇ ਮੁਖੀ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਐਕਸ ਉੱਤੇ ਇੱਕ ਨਿੱਜੀ ਅਖਬਾਰ ਦੀ ਖਬਰ ਦੀ ਤਸਵੀਰ ਸ਼ਾਂਝੀ ਕਰਦਿਆ ਉਹਨਾਂ ਨੇ ਕੇਂਦਰ ਦੇ ਫ਼ੈਸਲੇ ਨੂੰ ਗ਼ਲਤ ਦੱਸਿਆ ਇਸ ਦੀ ਸਖ਼ਤ ਨਿਖੇਧੀ ਵੀ ਕੀਤੀ।
How can children be denied admission in schools in their own state capital? Why can't the children of Punjab have equal rights to the education institutions in Chandigarh?
— Amarinder Singh Raja Warring (@RajaBrar_INC) November 17, 2023
Punjab continues to be put on the back foot in Chandigarh and the rights of the people continue to be taken… pic.twitter.com/jKAIL9zqIF
ਸਾਰਿਆਂ ਦਾ ਮੌਲਿਕ ਮਨੁੱਖੀ ਅਧਿਕਾਰ ਹੈ ਸਿੱਖਿਆ : ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸਿੱਖਿਆ ਸਾਰਿਆਂ ਦਾ ਮੌਲਿਕ ਮਨੁੱਖੀ ਅਧਿਕਾਰ ਹੈ। ਕੁੱਝ ਬੱਚਿਆਂ ਤੋਂ ਇਹ ਬੁਨਿਆਦੀ ਹੱਕ ਖੋਹਣ ਦਾ ਫੈਸਲਾ ਕਿਵੇਂ ਲਿਆ ਜਾ ਸਕਦਾ ਹੈ? ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਪੰਜਾਬ ਦੇ ਵਿਦਿਆਰਥੀਆਂ ਦੀ 40 ਫੀਸਦੀ ਸੀਟਾਂ ਹਨ। ਇਹ ਫੈਸਲਾ ਬੇਇਨਸਾਫ਼ੀ ਨਾਲ ਸਾਡੇ ਨੌਜਵਾਨਾਂ ਦੇ ਛੋਟੀ ਉਮਰ ਤੋਂ ਹੀ ਹੱਕ ਖੋਹ ਰਿਹਾ ਹੈ।
ਪੰਜਾਬ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹੈ
ਰਾਜਾ ਵੜਿੰਗ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਚੰਡੀਗੜ੍ਹ 'ਤੇ ਕੇਂਦਰ ਸਰਕਾਰ ਦੇ ਪ੍ਰਭਾਵ ਦੀ ਆਲੋਚਨਾ ਕਰਦਿਆਂ ਕਿਹਾ, ਚੰਡੀਗੜ੍ਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹੋਣ ਕਾਰਨ ਹੁਣ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜੋ ਸਿੱਧੇ ਤੌਰ 'ਤੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਪੰਜਾਬ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਡੇ ਹਿੱਤਾਂ ਦੇ ਉਲਟ ਫੈਸਲੇ ਸਾਡੇ 'ਤੇ ਥੋਪੇ ਜਾ ਰਹੇ ਹਨ। ਚੰਡੀਗੜ੍ਹ 'ਤੇ ਪੰਜਾਬ ਦਾ ਅਧਿਕਾਰ ਦਿਨੋ-ਦਿਨ ਘਟਦਾ ਜਾ ਰਿਹਾ ਹੈ। ਚਾਹੇ ਪੰਜਾਬ ਵਿੱਚ ਕਾਰਾਂ ਦੇ ਪਾਰਕਿੰਗ ਖਰਚੇ ਨੂੰ ਦੁੱਗਣਾ ਕਰਨਾ ਹੋਵੇ ਜਾਂ ਫਿਰ ਸਾਡੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਦੀ ਇਜਾਜ਼ਤ ਨਾ ਦੇਣਾ ਹੋਵੇ।
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਦਿੱਤਾ ਇਹ ਬਿਆਨ
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸਿੱਖਿਆ ਮਨੁੱਖੀ ਵਿਕਾਸ ਲਈ ਸਭ ਤੋਂ ਮਹੱਤਵਪੂਰਨ ਖੇਤਰ ਹੈ। ਅਸੀਂ ਅਜਿਹੇ ਫੈਸਲੇ ਦਾ ਸਖ਼ਤ ਵਿਰੋਧ ਕਰਾਂਗੇ। ਅਸੀਂ ਪੰਜਾਬ ਦੇ ਲੋਕਾਂ ਨੂੰ ਅਜਿਹੇ ਬੁਨਿਆਦੀ ਮਨੁੱਖੀ ਅਧਿਕਾਰਾਂ ਤੋਂ ਵਾਂਝੇ ਨਹੀਂ ਰਹਿਣ ਦੇ ਸਕਦੇ। ਸਿੱਖਿਆ ਦੇ ਮਾਮਲੇ 'ਚ ਇਹ ਫੈਸਲਾ ਉਨ੍ਹਾਂ ਸਿਧਾਂਤਾਂ ਦੇ ਉਲਟ ਹੈ, ਜਿਨ੍ਹਾਂ 'ਤੇ ਸਾਡੇ ਸੰਵਿਧਾਨ ਅਤੇ ਦੇਸ਼ ਦੀ ਉਸਾਰੀ ਕੀਤੀ ਗਈ ਹੈ।
ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਪੱਖਪਾਤੀ ਕਾਰਵਾਈ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਐਨਐਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਪੱਖਪਾਤੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ, ਇਹ ਪੰਜਾਬ ਨਾਲ ਸਿੱਧਾ ਪੱਖਪਾਤੀ ਕਦਮ ਹੈ। ਇਹ ਫੈਸਲਾ ਦੋਵਾਂ ਖੇਤਰਾਂ ਵਿੱਚ ਏਕਤਾ ਦੀ ਭਾਵਨਾ ਦੇ ਉਲਟ ਹੈ। ਸਿੱਧੂ ਨੇ ਭਾਜਪਾ 'ਤੇ ਪੰਜਾਬ ਨੂੰ ਹਾਸ਼ੀਏ 'ਤੇ ਪਹੁੰਚਾਉਣ ਅਤੇ ਚੰਡੀਗੜ੍ਹ 'ਤੇ ਇਸ ਦੇ ਅਧਿਕਾਰਾਂ ਨੂੰ ਘਟਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਵੀ ਲਾਇਆ।