ਸੀਐਮ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ , ਹੁਣ ਤੱਕ 26478 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
Chandigarh News : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ
ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ਵਿਚ ਏਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਚੁਣਿਆ ਲਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ ਜਿਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਦੀ ਕਲਮ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰੇਗੀ।
ਇਹ ਵੀ ਪੜ੍ਹੋ : NIA ਦੇ ਨਿਸ਼ਾਨੇ 'ਤੇ ਗੈਂਗਸਟਰ ਤੇ ਅੱਤਵਾਦੀ, ਬਿਸ਼ਨੋਈ-ਲੰਡਾ ਦੇ 70 ਟਿਕਾਣਿਆਂ 'ਤੇ ਛਾਪੇਮਾਰੀ, ਖੁੱਲ੍ਹਣਗੇ ਰਾਜ਼
ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਮੌਕੇ ਲੜਕਿਆਂ ਨਾਲੋਂ ਲੜਕੀਆਂ ਦੀ ਗਿਣਤੀ ਵੱਧ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਸਮਾਜ ਵਿੱਚ ਸਾਕਾਰਾਤਮਕ ਬਦਲਾਅ ਆਵੇਗਾ।
ਭ੍ਰਿਸ਼ਟਾਚਾਰ ਨੂੰ ‘ਮਾਨਸਿਕ ਰੋਗ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਦਾ ਲਾਲਚ ਕਦੇ ਖਤਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਨੇਤਾਵਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।